- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਟੀ ਇਲਾਕੇ ਨਾਲ ਸਬੰਧਤ ਇਕ ਗ੍ਰੰਥੀ ਸਿੰਘ ਵੱਲੋਂ ਹਰੀਕੇ ਪੱਤਣ ਨੇੜੇ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਉਕਤ ਵਿਅਕਤੀ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਕੇਪੀ ਗਿੱਲ•ਪੰਜਾਬੀ ਜਾਗਰਣ, ਕੈਰੋਂ : ਪੱਟੀ ਇਲਾਕੇ ਨਾਲ ਸਬੰਧਤ ਇਕ ਗ੍ਰੰਥੀ ਸਿੰਘ ਵੱਲੋਂ ਹਰੀਕੇ ਪੱਤਣ ਨੇੜੇ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਉਕਤ ਵਿਅਕਤੀ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਭਾਈ ਸਲਵਿੰਦਰ ਸਿੰਘ, ਜੋ ਪੱਟੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਅਤੇ ਹੋਰ ਧਾਰਮਿਕ ਸੇਵਾਵਾਂ ਨਿਭਾਉਂਦੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਆਰਥਿਕ ਤੰਗੀ ਅਤੇ ਪਾਠਾਂ ਦੀ ਸੇਵਾ ਘੱਟ ਮਿਲਣ ਕਾਰਨ ਪ੍ਰੇਸ਼ਾਨ ਸਨ। ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਅਨੁਸਾਰ ਘਰ ਦਾ ਗੁਜ਼ਾਰਾ ਚਲਾਉਣ ਵਿਚ ਆ ਰਹੀਆਂ ਮੁਸ਼ਕਲਾਂ ਕਾਰਨ ਉਹ ਮਾਨਸਿਕ ਤਣਾਅ ’ਚ ਰਹਿਣ ਲੱਗੇ।
ਸੂਤਰਾਂ ਮੁਤਾਬਕ ਬੀਤੇ ਦਿਨ ਭਾਈ ਸਲਵਿੰਦਰ ਸਿੰਘ ਹਰੀਕੇ ਪੱਤਣ ਵੱਲ ਗਏ, ਜਿੱਥੇ ਉਨ੍ਹਾਂ ਵੱਲੋਂ ਨਹਿਰ ’ਚ ਛਾਲ ਛਾਲ ਮਾਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪੁੱਜੀ ਥਾਣਾ ਮੱਖੂ ਦੀ ਪੁਲਿਸ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਭਾਈ ਸਲਵਿੰਦਰ ਸਿੰਘ ਦਾ ਮੋਟਰਸਾਈਕਲ ਅਤੇ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ ਦੇ ਆਧਾਰ ’ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਨਹਿਰ ਅਤੇ ਆਸ-ਪਾਸ ਦੇ ਇਲਾਕੇ ਵਿਚ ਉਨ੍ਹਾਂ ਦੀ ਭਾਲ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਭਾਈ ਸਲਵਿੰਦਰ ਸਿੰਘ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਪੁਲਿਸ ਵੱਲੋਂ ਸੁਸਾਈਡ ਨੋਟ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਉਸ ਦੇ ਆਧਾਰ ’ਤੇ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।