ਸਰਪੰਚ ਸਾਰਜ ਸਿੰਘ ਦਾਸੂਵਾਲ ਨੇ ਕੱਚੇ ਘਰਾਂ ’ਚ ਰਹਿਣ ਵਾਲੇ ਪਰਿਵਾਰਾਂ ਨੂੰ ਵੰਡੀਆਂ ਤਰਪਾਲਾਂ
ਸਾਰਜ ਸਿੰਘ ਨੇ ਆਪਣੇ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਤਰਪਾਲਾਂ ਦੇ ਨਾਲ-ਨਾਲ ਹੋਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਵੀ ਜਤਾਈ।
Publish Date: Wed, 03 Sep 2025 05:52 PM (IST)
Updated Date: Thu, 04 Sep 2025 04:02 AM (IST)

ਰਾਜਵਿੰਦਰ ਸਿੰਘ ਰਾਜੂ, •ਪੰਜਾਬੀ ਜਾਗਰਣ, ਵਲਟੋਹਾ : ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਦਾਸੂਵਾਲ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਰਪੰਚ ਸਾਰਜ ਸਿੰਘ ਦਾਸੂਵਾਲ ਨੇ ਉਨ੍ਹਾਂ ਪਰਿਵਾਰਾਂ ਦੀ ਸਹਾਇਤਾ ਲਈ ਤਰਪਾਲਾਂ ਵੰਡੀਆਂ, ਜਿਨ੍ਹਾਂ ਦੇ ਕੱਚੇ ਮਕਾਨਾਂ ’ਚ ਭਾਰੀ ਮੀਂਹ ਕਾਰਨ ਪਾਣੀ ਟਪਕਣ ਦੀ ਸਮੱਸਿਆ ਨੇ ਜੀਵਨ ਨੂੰ ਮੁਸ਼ਕਲ ਬਣਾਇਆ ਹੋਇਆ ਸੀ। ਇਸ ਮੌਕੇ ਸਾਰਜ ਸਿੰਘ ਨੇ ਆਪਣੇ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਤਰਪਾਲਾਂ ਦੇ ਨਾਲ-ਨਾਲ ਹੋਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਵੀ ਜਤਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰਜ ਸਿੰਘ ਨੇ ਕਿਹਾ ਕਿ ਇਹ ਸਾਰੇ ਉਪਰਾਲੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੇ ਜਾ ਰਹੇ ਹਨ, ਜੋ ਹਮੇਸ਼ਾ ਤੋਂ ਹੀ ਲੋਕ ਭਲਾਈ ਦੇ ਕੰਮਾਂ ਨੂੰ ਉਤਸ਼ਾਹਿਤ ਕਰਦੇ ਰਹੇ ਹਨ। ਉਨ੍ਹਾਂ ਨੇ ਮੌਜੂਦਾ ਸਰਕਾਰ ਤੇ ਵੀ ਤਿੱਖਾ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਬੇਪਰਵਾਹ ਹੈ। ਮੌਜੂਦਾ ਸਰਕਾਰ ਦਾ ਵਿਕਾਸ ਸਿਰਫ਼ ਕਾਗਜ਼ੀ ਤੇ ਇਸ਼ਤਿਹਾਰੀ ਹੈ। ਵੱਡੇ-ਵੱਡੇ ਬੈਨਰ ਤੇ ਇਸ਼ਤਿਹਾਰਾਂ ’ਚ ਵਿਕਾਸ ਦੀਆਂ ਗੱਲਾਂ ਤਾਂ ਦਿਖਾਈ ਦਿੰਦੀਆਂ ਹਨ, ਪਰ ਜ਼ਮੀਨੀ ਪੱਧਰ ਤੇ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਕਾਫੀ ਨਿਰਾਸ਼ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਸਾਰਜ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਟੀਮ ਗ਼ਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣਗੇ। ਇਸ ਮੌਕੇ ਪਿੰਡ ਦੇ ਕਈ ਲੋਕਾਂ ਨੇ ਸਾਰਜ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ’ਚ ਕੁਝ ਹੱਦ ਤੱਕ ਰਾਹਤ ਮਿਲੀ ਹੈ। ਸਰਪੰਚ ਸਾਰਜ ਸਿੰਘ ਨੇ ਵਾਅਦਾ ਕੀਤਾ ਕਿ ਭਵਿੱਖ ’ਚ ਵੀ ਅਜਿਹੇ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ, ਤਾਂ ਜੋ ਹਰ ਲੋੜਵੰਦ ਵਿਅਕਤੀ ਤੱਕ ਸਹਾਇਤਾ ਪਹੁੰਚ ਸਕੇ। ਇਸ ਮੌਕੇ ਪਿੰਡ ਦੇ ਕਈ ਪਤਵੰਤੇ ਤੇ ਲੋਕ ਮੌਜੂਦ ਸਨ, ਜਿਨ੍ਹਾਂ ਨੇ ਇਸ ਸਮਾਜ ਸੇਵੀ ਕੰਮ ਦੀ ਸ਼ਲਾਘਾ ਕੀਤੀ।