ਤਰਨ ਤਾਰਨ 'ਚ ਦਰਦਨਾਕ ਹਾਦਸਾ: ਗੈਸ ਸਿਲੰਡਰਾਂ ਵਾਲੇ ਟਰੱਕ ਨੇ ਸਕੂਲੀ ਬੱਚੇ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ
ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਮੁੱਖ ਬਾਜ਼ਾਰ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਗੈਸ ਸਿਲੰਡਰਾਂ ਨਾਲ ਲੱਦੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਸਵਾਰ ਸਕੂਲੀ ਵਿਦਿਆਰਥੀ ਨੂੰ ਬੇਰਹਿਮੀ ਨਾਲ ਦਰੜ ਦਿੱਤਾ, ਜਿਸ ਕਾਰਨ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
Publish Date: Mon, 18 May 2026 01:45 PM (IST)
Updated Date: Mon, 18 May 2026 01:46 PM (IST)
ਗੁਰਬਰਿੰਦਰ ਸਿੰਘ, ਸ੍ਰੀ ਗੋਇੰਦਵਾਲ ਸਾਹਿਬ: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਮੁੱਖ ਬਾਜ਼ਾਰ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਗੈਸ ਸਿਲੰਡਰਾਂ ਨਾਲ ਲੱਦੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਸਵਾਰ ਸਕੂਲੀ ਵਿਦਿਆਰਥੀ ਨੂੰ ਬੇਰਹਿਮੀ ਨਾਲ ਦਰੜ ਦਿੱਤਾ, ਜਿਸ ਕਾਰਨ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਬੱਚੇ ਦੀ ਪਛਾਣ ਧੀਰਜ ਤੇਜਪਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨਰਿੰਦਰ ਤੇਜਪਾਲ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਵਿਖੇ ਅੱਠਵੀਂ ਜਮਾਤ ਵਿੱਚ ਪੜ੍ਹਦਾ ਸੀ। ਰੋਜ਼ਾਨਾ ਦੀ ਤਰ੍ਹਾਂ ਧੀਰਜ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਸਕੂਲ ਜਾ ਰਿਹਾ ਸੀ। ਜਦੋਂ ਉਹ ਸਕੂਲ ਦੇ ਨਜ਼ਦੀਕ ਪਹੁੰਚਿਆ ਤਾਂ ਤੇਜ਼ ਰਫ਼ਤਾਰ ਨਾਲ ਜਾ ਰਹੇ ਗੈਸ ਸਿਲੰਡਰਾਂ ਵਾਲੇ ਟਰੱਕ (ਨੰਬਰ PB 08 EQ 1594) ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬੱਚਾ ਗੱਡੀ ਦੇ ਟਾਇਰਾਂ ਹੇਠਾਂ ਆ ਗਿਆ ਅਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।