ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ, ਅੱਜ ਕੱਢਿਆ ਜਾਵੇਗਾ ਪੈਦਲ ਮਾਰਚ
ਠੇਕਾ ਪ੍ਰਣਾਲੀ ਖ਼ਤਮ ਕਰਨ ਸਬੰਧੀ ਚਰਚਾਵਾਂ ਵਿਚ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਸ਼ਾਮਿਲ ਨਾ ਕੀਤੇ ਜਾਣ ਕਾਰਨ ਰੋਸ ਹੋਰ ਵਧਿਆ ਹੈ
Publish Date: Sun, 31 May 2026 06:58 PM (IST)
Updated Date: Mon, 01 Jun 2026 04:12 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 26 ਮਈ ਤੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ ਰਹੀ। ਹੜਤਾਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸੋਮਵਾਰ ਨੂੰ ਤਰਨਤਾਰਨ ਸ਼ਹਿਰ ਵਿਚ ਪੈਦਲ ਮਾਰਚ ਕੱਢ ਕੇ ਲੋਕਾਂ ਅਤੇ ਸਰਕਾਰ ਤਕ ਆਪਣੀ ਆਵਾਜ਼ ਪਹੁੰਚਾਈ ਜਾਵੇਗੀ। ਸੇਵਾ ਕੇਂਦਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਲਾਲੂ ਘੁੰਮਣ ਨੇ ਕਿਹਾ ਕਿ ਸਰਕਾਰ ਅਜੇ ਵੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਕਰੀਬ 21 ਜ਼ਿਲ੍ਹਿਆਂ ਤੋਂ ਸੇਵਾ ਕੇਂਦਰ ਮੁਲਾਜ਼ਮਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਜੇਕਰ 3 ਜੂਨ ਤਕ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਸੂਬਾ ਕਮੇਟੀ ਦੇ ਸੱਦੇ ’ਤੇ 6 ਜੂਨ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਸ਼ਹਿਰ ਸੁਨਾਮ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਰੈਲੀ ਦਾ ਮਕਸਦ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੋਕਾਂ ਅਤੇ ਸਰਕਾਰ ਦੇ ਧਿਆਨ ਵਿਚ ਲਿਆਉਣਾ ਹੋਵੇਗਾ। ਯੂਨੀਅਨ ਦੇ ਸਕੱਤਰ ਵਰਿੰਦਰ ਕੁਮਾਰ ਨੇ ਕਿਹਾ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਵੱਲੋਂ ਆਊਟਸੋਰਸ ਅਤੇ ਠੇਕਾ ਪ੍ਰਣਾਲੀ ਸਬੰਧੀ ਕਾਨੂੰਨ ਬਣਾਉਣ ਬਾਰੇ ਕੀਤੇ ਗਏ ਐਲਾਨਾਂ ਵਿਚ ਸੇਵਾ ਕੇਂਦਰ ਮੁਲਾਜ਼ਮਾਂ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਨਿਰਾਸ਼ਾ ਅਤੇ ਰੋਸ ਹੈ। ਯੂਨੀਅਨ ਦੇ ਸਰਪ੍ਰਸਤ ਕਰਨਬੀਰ ਸਿੰਘ ਪਹੁਵਿੰਡ ਨੇ ਦੋਸ਼ ਲਗਾਇਆ ਕਿ ਪਿਛਲੇ ਦਸ ਸਾਲਾਂ ਤੋਂ ਸੇਵਾ ਕੇਂਦਰ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਨਿੱਜੀ ਕੰਪਨੀਆਂ ਵੱਲੋਂ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਅਸੁਰੱਖਿਅਤ ਨੌਕਰੀਆਂ ਦਾ ਸਾਹਮਣਾ ਕਰ ਰਹੇ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਨੋਟਿਸਾਂ ਅਤੇ ਹੋਰ ਕਾਰਵਾਈਆਂ ਰਾਹੀਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਰਿੰਦਰ ਸਿੰਘ ਜੋਤੀ ਨੇ ਕਿਹਾ ਕਿ ਠੇਕਾ ਪ੍ਰਣਾਲੀ ਖ਼ਤਮ ਕਰਨ ਸਬੰਧੀ ਚਰਚਾਵਾਂ ਵਿਚ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਸ਼ਾਮਿਲ ਨਾ ਕੀਤੇ ਜਾਣ ਕਾਰਨ ਰੋਸ ਹੋਰ ਵਧਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਸਬੰਧ ਵਿਚ ਅੱਜ ਤਰਨਤਾਰਨ ਸ਼ਹਿਰ ਵਿਚ ਪੈਦਲ ਮਾਰਚ ਕੱਢਿਆ ਜਾਵੇਗਾ, ਜਿਸ ਦੌਰਾਨ ਲੋਕਾਂ ਨੂੰ ਸਰਕਾਰ ਅਤੇ ਕੰਪਨੀ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਕਥਿਤ ਧੱਕੇਸ਼ਾਹੀ ਭਰੇ ਵਤੀਰੇ ਬਾਰੇ ਜਾਣੂੰ ਕਰਵਾਇਆ ਜਾਵੇਗਾ।