ਆਰਐੱਮਪੀਆਈ ਨੇ ਮੁਹੰਮਦ ਸਿੰਘ 'ਆਜ਼ਾਦ' ਦਾ ਸ਼ਹੀਦੀ ਦਿਹਾੜਾ ਮਨਾਇਆ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਆਰਐੱਮਪੀਆਈ ਨੇ ਕਰਵਾਇਆ ਸੈਮੀਨਾਰ
Publish Date: Fri, 31 Jul 2026 05:58 PM (IST)
Updated Date: Fri, 31 Jul 2026 06:01 PM (IST)
ਪੱਤਰ ਪ੍ਰੇਰਕ •ਪੰਜਾਬੀ ਜਾਗਰਣ ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਦੀ ਤਰਨਤਾਰਨ ਤਹਿਸੀਲ ਕਮੇਟੀ ਵੱਲੋਂ ਸੁਤੰਤਰਤਾ ਸੰਗਰਾਮ ਦੇ ਮਹਾਨ ਸ਼ਹੀਦ ਊਧਮ ਸਿੰਘ ਸੁਨਾਮ ਉਰਫ਼ ਮੁਹੰਮਦ ਸਿੰਘ ਆਜ਼ਾਦ ਦਾ ਸ਼ਹੀਦੀ ਦਿਹਾੜਾ ਗੰਢਿਆਂ ਵਾਲੀ ਧਰਮਸ਼ਾਲਾ ਵਿਖੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾ ਕੇ ਮਨਾਇਆ ਗਿਆ। ਸਮਾਗਮ ਵਿਚ ਪਾਰਟੀ ਆਗੂਆਂ, ਵਰਕਰਾਂ ਤੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੇ ਸ਼ਮੂਲੀਅਤ ਕੀਤੀ। ਸੈਮੀਨਾਰ ਦੇ ਮੁੱਖ ਬੁਲਾਰੇ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਸਾਮਰਾਜਵਾਦ ਤੇ ਫਿਰਕੂਵਾਦ ਵੱਲੋਂ ਦਰਪੇਸ਼ ਚੁਣੌਤੀਆਂ ਤੇ ਭਾਰਤੀ ਲੋਕ ਵਿਸ਼ੇ ਤੇ ਵਿਸਥਾਰ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਵੀ ਪੰਜਾਬ ਦੀ ਮੌਜੂਦਾ ਸਮਾਜਿਕ ਤੇ ਰਾਜਨੀਤਿਕ ਸਥਿਤੀ ਬਾਰੇ ਆਪਣੇ ਵਿਚਾਰ ਰੱਖੇ। ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ, ਕੁਰਬਾਨੀ ਤੇ ਲੋਕ-ਪੱਖੀ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਤੇ ਹਮੇਸ਼ਾ ਧਾਰਮਿਕ ਸਾਂਝ, ਭਾਈਚਾਰੇ ਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਊਧਮ ਸਿੰਘ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਤੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ‘ਮੁਹੰਮਦ ਸਿੰਘ ਆਜ਼ਾਦ’ ਨਾਂ ਅਪਣਾਉਣਾ ਧਾਰਮਿਕ ਏਕਤਾ ਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਸੀ। ਮੰਗਤ ਰਾਮ ਪਾਸਲਾ ਨੇ ਆਪਣੇ ਸੰਬੋਧਨ ਦੌਰਾਨ ਪਾਰਟੀ ਦਾ ਪੱਖ ਰੱਖਦਿਆਂ ਕਿਹਾ ਕਿ ਮੌਜੂਦਾ ਦੌਰ ਵਿਚ ਸਾਮਰਾਜਵਾਦ, ਨਵ-ਉਦਾਰਵਾਦੀ ਆਰਥਿਕ ਨੀਤੀਆਂ ਤੇ ਫਿਰਕੂਵਾਦ ਲੋਕਾਂ ਦੇ ਸਮਾਜਿਕ, ਆਰਥਿਕ ਤੇ ਲੋਕਤੰਤਰੀ ਹੱਕਾਂ ਲਈ ਗੰਭੀਰ ਚੁਣੌਤੀਆਂ ਬਣੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੀਤੀਆਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਹਨ ਤੇ ਸਮਾਜਿਕ ਸਾਂਝ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਸੰਵਿਧਾਨਕ ਤੇ ਲੋਕਤੰਤਰੀ ਹੱਕਾਂ ਦੀ ਰੱਖਿਆ ਲਈ ਇਕਜੁੱਟ ਹੋਣ ਦੀ ਲੋੜ ਹੈ। ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਪੰਜਾਬ ਨੂੰ ਦਰਪੇਸ਼ ਆਰਥਿਕ, ਸਮਾਜਿਕ ਤੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਆਪਸੀ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਸੈਮੀਨਾਰ ਨੂੰ ਮੁਖਤਿਆਰ ਸਿੰਘ ਮੱਲ੍ਹਾ ਤੇ ਬਲਦੇਵ ਸਿੰਘ ਪੰਡੋਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਰਿੰਦਰ ਸਿੰਘ ਰਟੌਲ, ਕੁਲਦੀਪ ਸਿੰਘ ਮਾਣੋਚਾਹਲ, ਜਰਨੈਲ ਸਿੰਘ ਰਸੂਲਪੁਰ, ਸੁਖਦੇਵ ਸਿੰਘ ਜਵੰਦਾ, ਮਾਸਟਰ ਸੁਲੱਖਣ ਸਿੰਘ ਤੁੜ, ਦਵਿੰਦਰ ਸਿੰਘ ਬਿੱਟੂ, ਕਰਮ ਸਿੰਘ ਪੰਡੋਰੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।