ਪਹੁਵਿੰਡ ’ਚ ਸ਼ਹੀਦ ਬਾਬਾ ਦੀਪ ਸਿੰਘ ਜੀ ਲਾਇਬ੍ਰੇਰੀ ਦਾ ਉਦਘਾਟਨ ਕੱਲ੍ਹ
ਸਾਡੀ ਨੌਜਵਾਨ ਪੀੜ੍ਹੀ ਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਚੰਗੀਆਂ ਪੁਸਤਕਾਂ ਪੜ੍ਹਨ ਵੱਲ ਆਪਣੀ ਰੁਚੀ ਪੈਦਾ ਕਰਨ ਦੀ ਲੋੜ ਹੈ
Publish Date: Sun, 05 Apr 2026 05:51 PM (IST)
Updated Date: Mon, 06 Apr 2026 04:05 AM (IST)
ਰਾਜਨ ਚੋਪੜਾ•,ਪੰਜਾਬੀ ਜਾਗਰਣ, ਭਿੱਖੀਵਿੰਡ : ਗੁਰਦੁਆਰਾ ਜਨਮ ਅਸਥਾਨ ਪਹੁਵਿੰਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਲਾਇਬ੍ਰੇਰੀ ਦਾ ਉਦਘਾਟਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਥੇਦਾਰ, ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਆਪਣੇ ਕਰ ਕਮਲਾਂ ਨਾਲ ਮੰਗਲਵਾਰ ਸਵੇਰੇ 11:30 ਵਜੇ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਫਾਊਂਡੇਸ਼ਨ ਗੁਰਦੁਆਰਾ, ਜਨਮ ਅਸਥਾਨ, ਸ਼ਹੀਦ ਬਾਬਾ ਦੀਪ ਸਿੰਘ ਜੀ ਪਹੁਵਿੰਡ ਕਰਨਲ ਹਰੀਸਿਮਰਨ ਸਿੰਘ ਸੰਧੂ ਨੇ ਕਿਹਾ ਕਿ ਇਹ ਲਾਇਬ੍ਰੇਰੀ ਇੰਟਰਨੈੱਟ, ਮਿਆਰੀ ਸਾਹਿਤ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹੋਵੇਗੀ। ਇਹ ਲਾਇਬ੍ਰੇਰੀ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਤੇ ਉਨ੍ਹਾਂ ਦੇ ਟੀਚਿਆਂ ਨੂੰ ਸਰਲ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਵੇਗੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਭਜੋਤ ਸਿੰਘ ਨੇ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਸਾਡੇ ਮਹਾਨ ਗੁਰੂਆਂ, ਪੀਰਾਂ, ਭਗਤਾਂ ਤੇ ਹੋਰ ਸੂਰਬੀਰਾਂ ਦੇ ਸ਼ਾਨਾਮੱਤੀ ਇਤਿਹਾਸ ਨਾਲ ਭਰੀਆਂ ਪੁਸਤਕਾਂ ਨੂੰ ਪੜ੍ਹਨ ਦੀ ਬਜਾਏ ਅੱਜ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਦੇ ਮੱਕੜ ਜਾਲ ’ਚ ਉਲਝਦੇ ਜਾ ਰਹੇ ਹਨ। ਇਸ ਲਈ ਸਾਡੀ ਨੌਜਵਾਨ ਪੀੜ੍ਹੀ ਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਚੰਗੀਆਂ ਪੁਸਤਕਾਂ ਪੜ੍ਹਨ ਵੱਲ ਆਪਣੀ ਰੁਚੀ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮੰਗਲਵਾਰ ਨੂੰ ਗੁਰਦੁਆਰਾ ਜਨਮ ਅਸਥਾਨ ਪਹੁੰਚਣ ਤੇ ਪ੍ਰੋਗਰਾਮ ਦੀਆਂ ਰੌਣਕਾਂ ਵਧਾਉਣ।