ਸ਼੍ਰੋਮਣੀ ਅਕਾਲੀ ਦਲ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਤਰਨਤਾਰਨ ਪੁਲਿਸ ਨੇ ਅੰਮ੍ਰਿਤਸਰ ਦੇ ਇਕ ਕੈਫੇ ਤੋਂ ਹਿਰਾਸਤ ਵਿਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੀਐੱਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗਈ ਟੀਮ ਨੇ ਗਿੱਲ ਨੂੰ ਹਿਰਾਸਤ ਵਿਚ ਲਿਆ ਅਤੇ ਕੈਫੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਜ਼ਬਤ ਕਰ ਲਿਆ ਗਿਆ।
Publish Date: Sat, 15 Nov 2025 09:14 PM (IST)
Updated Date: Sat, 15 Nov 2025 09:17 PM (IST)
ਪੱਤਰ ਪ੍ਰੇਰਕ• ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਤਰਨਤਾਰਨ ਪੁਲਿਸ ਨੇ ਅੰਮ੍ਰਿਤਸਰ ਦੇ ਇਕ ਕੈਫੇ ਤੋਂ ਹਿਰਾਸਤ ਵਿਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੀਐੱਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗਈ ਟੀਮ ਨੇ ਗਿੱਲ ਨੂੰ ਹਿਰਾਸਤ ਵਿਚ ਲਿਆ ਅਤੇ ਕੈਫੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਜ਼ਬਤ ਕਰ ਲਿਆ ਗਿਆ।
ਦੱਸਣਾ ਬਣਦਾ ਹੈ ਕਿ ਹਾਲ ਹੀ ਵਿਚ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਦਮਾਦ ਅੰਮ੍ਰਿਤਪਾਲ ਸਿੰਘ ਬਾਠ ਅਤੇ ਧੀ ਕੰਚਨਪ੍ਰੀਤ ਕੌਰ ਵਿਰੁੱਧ ਪ੍ਰਚਾਰ ਦੌਰਾਨ ਵੋਟਰਾਂ ਨੂੰ ਡਰਾਉਣ, ਧਮਕਾਉਣ ਅਤੇ ਵੀਡੀਓ ਸ਼ੇਅਰ ਕਰਨ ਸਬੰਧੀ ਕੇਸ ਦਰਜ ਕੀਤੇ ਗਏ ਹਨ ਜਦੋਂਕਿ ਪੋਲਿੰਗ ਦੌਰਾਨ ਨਛੱਤਰ ਸਿੰਘ ਗਿੱਲ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪੁਲਿਸ ’ਤੇ ਸਰਕਾਰੀ ਸ਼ਹਿ ’ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਵੀ ਲਗਾਏ ਸਨ।
ਮੰਨਿਆ ਜਾ ਰਿਹਾ ਹੈ ਕਿ ਵੱਖ-ਵੱਖ ਥਾਣਿਆਂ ਵਿਚ ਦਰਜ ਕੀਤੇ ਗਏ ਕਿਸੇ ਕੇਸ ਵਿਚ ਗਿੱਲ ਦਾ ਨਾਂ ਸ਼ਾਮਲ ਹੋਵੇ ਪਰ ਦੂਜੇ ਪਾਸੇ ਡੀਐੱਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨਾਲ ਵਾਰ-ਵਾਰ ਸੰਪਰਕ ਕਰਨ ’ਤੇ ਵੀ ਰਾਬਤਾ ਨਹੀਂ ਹੋ ਸਕਿਆ। ਹਾਲਾਂਕਿ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਨਛੱਤਰ ਸਿੰਘ ਦੀ ਗ੍ਰਿਫਤਾਰੀ ਨੂੰ ਸਰਕਾਰੀ ਜਬਰ ਦੀ ਇੰਤਹਾ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਤਿੱਖਾ ਸੰਘਰਸ਼ ਕਰਨੋਂ ਵੀ ਗੁਰੇਜ਼ ਨਹੀਂ ਕਰੇਗਾ।