- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਖਡੂਰ ਸਾਹਿਬ 'ਚ ਵਿਸ਼ੇਸ਼ ਲੋਕ ਸਹੂਲਤ ਕੈਂਪਾਂ ਦੀ ਸ਼ੁਰੂਆਤ ਕੀਤੀ

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਖਡੂਰ ਸਾਹਿਬ ’ਚ ਵਿਸ਼ੇਸ਼ ਲੋਕ ਸਹੂਲਤ ਕੈਂਪਾਂ ਦੀ ਸ਼ੁਰੂਆਤ ਕੀਤੀ
ਹਰ ਪਿੰਡ ਵਿਚ ਲੋਕਾਂ ਦੇ ਰੁਕੇ ਹੋਏ ਕੰਮ ਤਰਜੀਹ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ : ਹਰਪਾਲ ਸਿੰਘ ਗਿੱਲ
ਰਾਕੇਸ਼ ਨਈਅਰ•, ਪੰਜਾਬੀ ਜਾਗਰਣ,
ਚੋਹਲਾ ਸਾਹਿਬ : ਲੋਕਾਂ ਦੇ ਸਰਕਾਰੀ ਕੰਮਾਂ ਨੂੰ ਸੁਚਾਰੂ ਤੇ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਵਿਸ਼ੇਸ਼ ਲੋਕ ਸਹੂਲਤ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਸ਼ਗਨ ਸਕੀਮ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਹੋਰ ਰੁਕੇ ਹੋਏ ਸਰਕਾਰੀ ਕੰਮਾਂ ਦੇ ਨਿਪਟਾਰੇ ਲਈ ਸੀਨੀਅਰ ਯੂਥ ਅਕਾਲੀ ਆਗੂ ਤੇ ਸਾਬਕਾ ਸਰਪੰਚ ਹਰਪਾਲ ਸਿੰਘ ਗਿੱਲ ਕੱਦ ਗਿੱਲ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਹਿਤ ਹਰਪਾਲ ਸਿੰਘ ਗਿੱਲ ਵੱਲੋਂ ਪਿੰਡ-ਪਿੰਡ ਤੇ ਘਰ-ਘਰ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤੇ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ, ਉਨ੍ਹਾਂ ਦੇ ਰੁਕੇ ਹੋਏ ਸਰਕਾਰੀ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਇਆ ਜਾ ਰਿਹਾ ਹੈ।
ਹਰਪਾਲ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਦੀ ਸਹੂਲਤ ਲਈ ਪਿੰਡ-ਪਿੰਡ ’ਚ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਸਨ, ਜਿਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ ਸਨ ਤੇ ਕਈ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਆਪਣੇ ਸਰਕਾਰੀ ਕੰਮਾਂ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਕੱਟਣ ਦੇ ਬਾਵਜੂਦ ਵੀ ਰਾਹਤ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸੇ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਵਿਚ ਵਿਸ਼ੇਸ਼ ਲੋਕ ਸਹੂਲਤ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਨੇੜੇ ਹੀ ਮਿਲ ਸਕੇ।
ਹਰਪਾਲ ਸਿੰਘ ਗਿੱਲ ਨੇ ਕਿਹਾ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਹੱਲ ਕਰਵਾਇਆ ਜਾ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ’ਚ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਤੋਂ ਵੱਡੀ ਜਿੱਤ ਦਰਜ ਕਰੇਗਾ।
ਇਸ ਮੌਕੇ ਮੈਂਬਰ ਪੰਚਾਇਤ ਪ੍ਰਗਟ ਸਿੰਘ ਕੱਦ ਗਿੱਲ, ਗੁਰਜੰਟ ਸਿੰਘ, ਹਰਭੇਜ ਸਿੰਘ, ਜਗਰੂਪ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ ਨੋਨੇ, ਸਾਹਿਬ ਸਿੰਘ, ਰੂਬਲ ਸਿੰਘ, ਮਨਦੀਪ ਸਿੰਘ ਕੱਦ ਗਿੱਲ, ਤਰਸੇਮ ਸਿੰਘ ਸੇਮੂ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।