ਪੱਟੀ ਸ਼ਹਿਰ 'ਚ ਦਹਿਸ਼ਤ: ਹਲਵਾਈ ਦੀ ਦੁਕਾਨ 'ਤੇ ਤਾਬੜਤੋੜ ਚੱਲੀਆਂ ਗੋਲ਼ੀਆਂ, ਹਮਲਾਵਰ ਮੌਕੇ ਤੋਂ ਫ਼ਰਾਰ; ਦੁਕਾਨਦਾਰਾਂ 'ਚ ਖ਼ੌਫ਼ ਦਾ ਮਾਹੌਲ
ਪਿਛਲੇ ਕੁਝ ਸਮੇਂ ਤੋਂ ਪੱਟੀ ਇਲਾਕੇ ਅੰਦਰ ਦੁਕਾਨਦਾਰਾਂ ਅਤੇ ਛੋਟੇ-ਵੱਡੇ ਕਾਰੋਬਾਰੀਆਂ ਨੂੰ ਕਥਿਤ ਤੌਰ ’ਤੇ ਫਿਰੋਤੀ ਦੀਆਂ ਕਾਲਾਂ ਆਉਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਕਾਰੋਬਾਰੀ ਵਰਗ ’ਚ ਚਿੰਤਾ ਪਾਈ ਜਾ ਰਹੀ ਹੈ। ਲੰਘੀ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ ਵੀ ਇਸੇ ਪਿਛੋਕੜ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਹਾਲਾਂਕਿ ਇਸ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਹੋਈ।
Publish Date: Sat, 12 Sep 2026 12:21 PM (IST)
Updated Date: Sat, 12 Sep 2026 12:24 PM (IST)
ਬੱਲੂ ਮਹਿਤਾ, ਪੰਜਾਬੀ ਜਾਗਰਣ, ਪੱਟੀ। ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸ਼ਹਿਰ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਲੰਘੀ ਰਾਤ ਪੱਟੀ ਦੀ ਵੱਡੀ ਮੰਡੀ ਵਿਖੇ ਸਥਿਤ ਇਕ ਹਲਵਾਈ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਏ ਜਾਣ ਦੀ ਘਟਨਾ ਸਾਹਮਣੇ ਆਈ ਹੈ।
ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਕਾਰਨ ਦੁਕਾਨਦਾਰਾਂ ਅਤੇ ਆਸ-ਪਾਸ ਦੇ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ।
ਪਿਛਲੇ ਕੁਝ ਸਮੇਂ ਤੋਂ ਪੱਟੀ ਇਲਾਕੇ ਅੰਦਰ ਦੁਕਾਨਦਾਰਾਂ ਅਤੇ ਛੋਟੇ-ਵੱਡੇ ਕਾਰੋਬਾਰੀਆਂ ਨੂੰ ਕਥਿਤ ਤੌਰ ’ਤੇ ਫਿਰੋਤੀ ਦੀਆਂ ਕਾਲਾਂ ਆਉਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਕਾਰੋਬਾਰੀ ਵਰਗ ’ਚ ਚਿੰਤਾ ਪਾਈ ਜਾ ਰਹੀ ਹੈ। ਲੰਘੀ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ ਵੀ ਇਸੇ ਪਿਛੋਕੜ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਹਾਲਾਂਕਿ ਇਸ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਹੋਈ।
ਘਟਨਾ ਤੋਂ ਬਾਅਦ ਥਾਣਾ ਸਿਟੀ ਪੱਟੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਆਸ-ਪਾਸ ਦੇ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ ਤਾਂ ਜੋ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।
ਦੂਜੇ ਪਾਸੇ, ਜਿਸ ਦੁਕਾਨ ’ਤੇ ਗੋਲੀਆਂ ਚਲਾਈਆਂ ਗਈਆਂ, ਉਸ ਦੇ ਦੁਕਾਨਦਾਰ ਨੇ ਇਸ ਮਾਮਲੇ ਸਬੰਧੀ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਅਤੇ ਗੋਲੀਬਾਰੀ ’ਚ ਸ਼ਾਮਲ ਵਿਅਕਤੀਆਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।
ਸ਼ਹਿਰ ਦੇ ਕਾਰੋਬਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਉਣ ਅਤੇ ਬਾਜ਼ਾਰਾਂ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।