ਜੇਐੱਨਐੱਨ, ਤਰਨਤਾਰਨ : ਖਡੂਰ ਸਾਹਿਬ ਸੰਪਰਕ ਸੜਕ 'ਤੇ ਸਥਿਤ ਪਿੰਡ ਕਲੇਰ ਨੇੜੇ ਖਾਲੀ ਪਲਾਟ 'ਚ ਹੋਏ ਧਮਾਕੇ ਤੋਂ ਬਾਅਦ ਛੇਵੇਂ ਦਿਨ ਪੁਲਿਸ ਨੇ ਛੇ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਸੂਤਰਾਂ ਅਨੁਸਾਰ ਹਿਰਾਸਤ 'ਚ ਲਏ ਗਏ ਲੋਕ ਪੱਟੀ, ਗੁਰਦਾਸਪੁਰ ਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਤੋਂ ਹਾਲੇ ਤਕ ਪੁੱਛਗਿੱਛ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਜਨਤਕ ਥਾਂ 'ਤੇ ਧਮਾਕਾ ਕਰਨ ਦੀ ਫਿਰਾਕ 'ਚ ਸੀ। ਹਾਲਾਂਕਿ ਹਾਲੇ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਹੇ ਹਨ।

ਹੁਣ ਤਕ ਹੋਈ ਜਾਂਚ 'ਚ ਪੁਲਿਸ ਵੱਲੋਂ ਕਰੀਬ 32 ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਗਈ ਹੈ। ਮਾਮਲੇ ਦੀ ਜਾਂਚ ਅੱਗੇ ਵਧੀ ਤਾਂ ਮੰਗਲਵਾਰ ਨੂੰ ਛੇ ਹੋਰ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਦੀ ਘਟਨਾ ਨਾਲ ਇਨ੍ਹਾਂ ਲੋਕਾਂ ਦੇ ਤਾਰ ਸਿੱਧੇ ਤੌਰ 'ਤੇ ਜੁੜੇ ਹੋਏ ਹਨ। ਸੂਤਰ ਦੱਸਦੇ ਹਨ ਕਿ ਇਸ ਮਾਮਲੇ 'ਚ ਪੁਲਿਸ ਨੂੰ ਪੰਜ ਲੱਖ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਸਬੂਤ ਵੀ ਮਿਲ ਚੁੱਕੇ ਹਨ। ਪੁਲਿਸ ਇਸ ਨਤੀਜੇ 'ਤੇ ਪਹੁੰਚੀ ਹੈ ਕਿ ਧਮਾਕਾ ਹੈਂਡ ਗ੍ਰਨੇਡ ਵਰਗਾ ਸੀ, ਜਿਸ ਨੂੰ ਪਿਛਲੇ ਸਾਲ ਜ਼ਿਲ੍ਹਾ ਅੰਮ੍ਰਿਤਸਰ 'ਚ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੀਤੇ ਬੁੱਧਵਾਰ ਦੀ ਰਾਤ ਕਰੀਬ ਪੌਣ 8 ਵਜੇ ਉਕਤ ਪਲਾਟ 'ਚ ਜ਼ੋਰਦਾਰ ਧਮਾਕਾ ਹੋਇਆ ਸੀ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ ਸੀ। ਧਮਾਕੇ ਤੋਂ ਬਾਅਦ ਐੱਨਆਈਏ, ਐੱਸਐੱਫਐੱਲ, ਬੀਡੀਡੀਐੱਸ, ਐੱਨਜੀਐੱਸ, ਆਈਬੀ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਆਪਣੇ-ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਗਈ।

ਇਸ ਮਾਮਲੇ ਸਬੰਧੀ ਐੱਸਐੱਸਪੀ ਧਰੁਵ ਦਹੀਆ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਜਦਕਿ ਐੱਸਪੀ (ਆਈ) ਹਰਜੀਤ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਨ੍ਹਾਂ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਹੈ, ਉਨ੍ਹਾਂ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ। ਜਾਂਚ ਜਾਰੀ ਹੈ ਤੇ ਜਲਦੀ ਹੀ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ।

Posted By: Amita Verma