ਨਵੇਂ ਸਾਲ ਦੇ ਆਗਮਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ।
Publish Date: Mon, 12 Jan 2026 07:38 PM (IST)
Updated Date: Tue, 13 Jan 2026 04:10 AM (IST)

ਸਟਾਫ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਨਵੇਂ ਸਾਲ-2026 ਦੇ ਆਗਮਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬਾਬਾ ਸੁੱਖਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਨੇ ਸਮੂਹ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਲ 2026 ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ ਤੇ ਪ੍ਰਮਾਤਮਾ ਸਭ ਨੂੰ ਤਰੱਕੀਆਂ ਬਖਸ਼ੇ। ਇਸ ਦੇ ਨਾਲ-ਨਾਲ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਨਵੇਂ ਸਾਲ ਵਿਚ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਦਫਤਰੀ ਸਟਾਫ ਵੱਲੋਂ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਦਫਤਰਾਂ ਵਿਖੇ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੰਦੇ ਹੋਏ ਨਿਯਮਾਂ ਤੇ ਮੈਰਿਟ ਅਨੁਸਾਰ ਕੰਮ ਕੀਤੇ ਜਾਣ। ਜਾਵੇ ਤਾਂ ਜੋ ਲੋਕ ਖੁਸ਼ੀ-ਖੁਸ਼ੀ ਆਪਣਾ ਦਫਤਰੀ ਕੰਮ ਕਰਵਾ ਕੇ ਘਰਾਂ ਨੂੰ ਪਰਤਣ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਡੀਸੀ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।