ਪੱਤਰ ਪ੍ਰਰੇਰਕ, ਤਰਨਤਾਰਨ : ਭਾਰਤੀ ਜਨਤਾ ਪਾਰਟੀ ਦੀ ਆਲ ਇੰਡੀਆ ਕਿਸਾਨ ਮੋਰਚਾ ਦੀ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੇਂਦਰੀ ਮੰਤਰੀ ਮੰਡਲ ਵੱਲੋਂ ਆਉਣ ਵਾਲੀ ਰਬੀ ਫ਼ਸਲਾਂ ਦੀ ਐੱਮਐੱਸਪੀ ਵਿਚ ਵਾਧਾ ਕਰਕੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਰਾਜਨੀਤਕ ਦਲਾਂ ਨੂੰ ਕਰਾਰਾ ਝਟਕਾ ਦਿੱਤਾ ਹੈ।

ਬੀਬੀ ਬਾਠ ਨੇ ਦੇਸ਼ ਦੇ ਸਾਰੇ ਕਿਸਾਨਾਂ ਖਾਸ ਤੌਰ 'ਤੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ, ਖੱਬੇ ਪੱਖੀ ਪਾਰਟੀਆਂ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਵਿਚ ਨਾ ਆ ਕੇ ਨਵੇਂ ਖੇਤੀ ਬਿੱਲਾਂ ਦੇ ਤਹਿਤ ਆਪਣੀ ਫਸਲ ਨੂੰ ਦੇਸ਼ ਵਿਦੇਸ਼ ਵਿਚ ਕਿਤੇ ਵੀ ਵੇਚਣ ਦੇ ਅਧਿਕਾਰ ਨੂੰ ਆਪਣੀ ਆਮਦਨ ਵਧਾਉਣ ਦਾ ਸਾਧਨ ਬਣਾਉਣ। ਬੀਬੀ ਬਾਠ ਨੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕਰਦੇ ਕਿਹਾ ਕਿ ਪੰਜਾਬ ਦੇ ਭੋਲੇ ਭਾਲੇ ਕਿਸਾਨਾਂ ਨੂੰ ਭੜਕਾਉਣ ਤੋਂ ਬਾਜ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੋਗਲਾ ਚਰਿੱਤਰ ਅਪਣਾਉਣ ਵਾਲੇ ਸਿਆਸੀ ਦਲਾਂ ਦਾ ਸਫਾਇਆ ਕਰਨ ਤੋਂ ਗੁਰੇਜ ਨਹੀਂ ਕਰਨਗੇ।