ਪੰਜਾਬੀ ਜਾਗਰਣ ਟੀਮ, ਤਰਨਤਾਰਨ : ਸੱਤਾ 'ਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਹੱਥ 'ਚ ਫੜ੍ਹ ਕੇ ਸਹੁੰ ਖਾਦੀ ਸੀ ਕਿ ਸੂਬੇ 'ਚ 10 ਲੱਖ ਨੌਕਰੀਆਂ ਦੇਣ ਤੋਂ ਇਲਾਵਾ ਲੋਕਾਂ ਨੂੰ ਵੱਡੇ ਪੱਧਰ 'ਤੇ ਸਹੂਲਤਾਂ ਦਿੱਤੀਆਂ ਜਾਣਗੀਆਂ ਪਰ ਸੱਤਾ ਸੰਭਾਲਦਿਆਂ ਹੀ ਕੈਪਟਨ ਸਾਰੇ ਵਾਅਦੇ ਤੋਂ ਭੱਜ ਗਏ। ਹੁਣ ਸੂਬੇ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਕੈਪਟਨ ਸਰਕਾਰ ਨੇ ਉਨ੍ਹਾਂ ਨਾਲ ਝੂਠੇ ਵਾਅਦੇ ਕਰਕੇ ਠੱਗਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਦੀ ਦਾਣਾ ਮੰਡੀ ਵਿਖੇ ਕਾਂਗਰਸ ਸਰਕਾਰ ਖ਼ਿਲਾਫ਼ ਕੀਤੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ।

ਉਨ੍ਹਾਂ ਨੇ ਕਿਹਾ ਕਿ ਠਾਠਾਂ ਮਾਰਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਮੌਜੂਦਾ ਸਰਕਾਰ ਨੇ ਤਿੰਨ ਸਾਲਾਂ 'ਚ 17 ਵਾਰ ਬਿਜਲੀ ਦੇ ਰੇਟ ਵਧਾਏ ਹਨ। ਜਿਸ ਕਾਰਨ ਆਮ ਜਨਤਾ ਦਾ ਬੁਰਾ ਹਾਲ ਹੋਇਆ ਪਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਵਰਕਰਾਂ 'ਤੇ ਜੋ ਤਸ਼ੱਦਦ ਕਾਂਗਰਸ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਉਸ ਦਾ ਸਰਕਾਰ ਆਉਣ 'ਤੇ ਪੂਰਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ 'ਚ ਸਰਕਾਰ ਬਣਾਉਣ ਦੇ ਸੁਪਨੇ ਕਦੀ ਪੂਰੇ ਨਹੀਂ ਹੋਣਗੇ। ਕਿਉਂਕਿ ਉਕਤ ਪਾਰਟੀ ਤੋਂ ਵੀ ਲੋਕ ਪੂਰੀ ਤਰ੍ਹਾਂ ਜਾਣੂ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਖਜਾਨਾ ਖਾਲੀ ਨਹੀਂ ਹੈ। ਖਜਾਨਾ ਪੂਰੀ ਤਰ੍ਹਾਂ ਨਾਲ ਭਰਿਆ ਹੋਇਆ ਹੈ ਸਿਰਫ ਸੂਬੇ ਦੇ ਮੁੱਖ ਮੰਤਰੀ ਦੀ ਨੀਤੀ ਤੇ ਨੀਅਤ ਖ਼ਰਾਬ ਹੈ। ਇਸ ਮੌਕੇ 'ਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ, ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਇਕਬਾਲ ਸਿੰਘ ਸੰਧੂ ਆਦਿ ਹਾਜਰ ਸਨ।

Posted By: Amita Verma