- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਰੇ ਉਪਰਾਲੇ ਇਲਾਕੇ ਦੇ ਕਿਸਾਨਾਂ ਲਈ ਲਾਭਦਾਇਕ ਸਾਬਤ ਹੋਣਗੇ ਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ’ਚ ਯੋਗਦਾਨ ਪਾਉਣਗੇ।

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਦੀ ਦੂਰਦਰਸ਼ੀ ਸੋਚ ਤੇ ਕਿਸਾਨ-ਹਿਤੈਸ਼ੀ ਨੀਤੀਆਂ ਸਦਕਾ ਤਰਨਤਾਰਨ ’ਚ ਨਹਿਰੀ ਡਵੀਜ਼ਨ ਨੂੰ ਪ੍ਰਵਾਨਗੀ ਮਿਲੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਫ਼ੈਸਲੇ ਨਾਲ ਇਲਾਕੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਹੁਣ ਕਿਸੇ ਵੀ ਕਿਸਾਨ ਵੀਰ ਨੂੰ ਨਹਿਰੀ ਵਿਭਾਗ ਨਾਲ ਸਬੰਧਤ ਕੰਮਾਂ ਲਈ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਚੇਅਰਮੈਨ ਚੀਮਾ ਨੇ ਦੱਸਿਆ ਕਿ ਹੁਣ ਨਹਿਰੀ ਵਿਭਾਗ ਦੇ ਐਕਸੀਅਨ ਤੇ ਸਮੂਹ ਸਟਾਫ਼ ਰਸੂਲਪੁਰ ਨਹਿਰ ਨੇੜੇ ਸਥਿਤ ਨਹਿਰੀ ਵਿਸ਼ਰਾਮ ਘਰ ’ਚ ਬੈਠਣਗੇ, ਜਿਸ ਨਾਲ ਲੋਕਾਂ ਨੂੰ ਸਥਾਨਕ ਪੱਧਰ ’ਤੇ ਹੀ ਸੇਵਾਵਾਂ ਉਪਲਬਧ ਹੋਣਗੀਆਂ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤੇ ਹਲਕਾ ਪੱਟੀ ਦੇ 19 ਪਿੰਡ ਪਹਿਲਾਂ ਅੰਮ੍ਰਿਤਸਰ ਡਵੀਜ਼ਨ ’ਚ ਸ਼ਾਮਲ ਰਹੇ ਸਨ, ਜਿਸ ਕਾਰਨ ਲੋਕਾਂ ਨੂੰ ਕਈ ਪ੍ਰਸ਼ਾਸਕੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਜਲ ਸਰੋਤ ਵਿਭਾਗ ਦੇ ਮੁੱਖ ਸਕੱਤਰ ਆਈਏਐੱਸ ਕ੍ਰਿਸ਼ਨ ਕੁਮਾਰ ਨਾਲ ਪੱਤਰ-ਵਿਹਾਰ ਰਾਹੀਂ ਇਸ ਮਸਲੇ ਨੂੰ ਉਠਾਇਆ ਅਤੇ ਹੁਣ ਇਹ 19 ਪਿੰਡ ਮੁੜ ਤਰਨਤਾਰਨ ਨਹਿਰੀ ਡਵੀਜ਼ਨ ’ਚ ਸ਼ਾਮਲ ਕਰਵਾ ਦਿੱਤੇ ਗਏ ਹਨ।
ਚੇਅਰਮੈਨ ਚੀਮਾ ਨੇ ਕਿਹਾ ਕਿ ਨਹਿਰੀ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਲਈ ਕਿਸਾਨ ਵੀਰ ਉਨ੍ਹਾਂ ਦੇ ਪਿੰਡ ਆ ਕੇ ਜਾਂ ਫੋਨ ਕਾਲ ਰਾਹੀਂ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦਾ ਮੁੱਖ ਏਜੰਡਾ ਨਹਿਰੀ ਪਾਣੀ ਨੂੰ ਵੱਧ ਤੋਂ ਵੱਧ ਖੇਤਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਕਿਸਾਨਾਂ ਨੂੰ ਪੂਰਾ ਲਾਭ ਮਿਲ ਸਕੇ ਤੇ ਧਰਤੀ ਹੇਠਲੇ ਪਾਣੀ ਨੂੰ ਵੀ ਬਚਾਇਆ ਜਾ ਸਕੇ।
ਹਲਕਾ ਪੱਟੀ ’ਚ ਨਹਿਰੀ ਵਿਭਾਗ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ’ਤੇ ਵਿਕਾਸ ਕੰਮ ਚੱਲ ਰਹੇ ਹਨ। ਇਨ੍ਹਾਂ ’ਚ ਨਵੇਂ ਮਾਈਨਰਾਂ ਦੀ ਨਿਰਮਾਣ, ਨਹਿਰੀ ਖਾਲਾਂ ਦੀ ਮੁਰੰਮਤ ਤੇ ਅੰਡਰਗਰਾਊਂਡ ਪਾਈਪਾਂ ਪਾਉਣ ਦੇ ਪ੍ਰੋਜੈਕਟ ਸ਼ਾਮਲ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਉਪਰਾਲੇ ਇਲਾਕੇ ਦੇ ਕਿਸਾਨਾਂ ਲਈ ਲਾਭਦਾਇਕ ਸਾਬਤ ਹੋਣਗੇ ਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ’ਚ ਯੋਗਦਾਨ ਪਾਉਣਗੇ।
ਚੀਮਾ ਨੇ ਦੁਹਰਾਇਆ ਕਿ ਉਹ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹਨ ਤੇ ਭਵਿੱਖ ’ਚ ਵੀ ਇਲਾਕੇ ਦੇ ਵਿਕਾਸ ਲਈ ਅਜਿਹੇ ਹੀ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਸੁਖਵਿੰਦਰ ਸਿੰਘ ਕੈਰੋਂ, ਵਿਰਸਾ ਸਿੰਘ ਰੱਤਾ ਗੁੱਦਾ ਤੇ ਗੁਰਲਾਲ ਸਿੰਘ ਲਾਲ ਆਦਿ ਹਾਜ਼ਰ ਸਨ।