- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਤੂਤ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਪੁੱਤਰ ਸੁਖਮਨ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ।

ਬੱਲੂ ਮਹਿਤਾ•ਪੰਜਾਬੀ ਜਾਗਰਣ, ਪੱਟੀ : ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਤੂਤ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਪੁੱਤਰ ਸੁਖਮਨ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ’ਚ ਸੋਗ ਦੀ ਲਹਿਰ ਹੈ ਤੇ ਪਿੰਡ ਵਾਸੀਆਂ ’ਚ ਵੀ ਚਿੰਤਾ ਪਾਈ ਜਾ ਰਹੀ ਹੈ।
ਇਸ ਸਬੰਧੀ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਰੌਣਕੀ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਘਰ ਵਿਚ ਉਸ ਦੀ ਮਾਤਾ, ਉਹ ਖੁਦ ਤੇ ਉਸ ਦਾ ਵੱਡਾ ਭਰਾ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਪ੍ਰਿਤਪਾਲ ਦਾ ਵੱਡਾ ਭਰਾ ਕਿਸੇ ਮਾਮਲੇ ’ਚ ਜੇਲ੍ਹ ਅੰਦਰ ਬੰਦ ਹੈ, ਜਦੋਂਕਿ ਪ੍ਰਿਤਪਾਲ ਹੀ ਘਰ ਵਿਚ ਰਹਿੰਦਾ ਸੀ। ਉਨ੍ਹਾਂ ਦੇ ਦੱਸਣ ਅਨੁਸਾਰ ਬੀਤੀ ਦੇਰ ਰਾਤ ਪ੍ਰਿਤਪਾਲ ਨੇ ਕਥਿਤ ਤੌਰ ’ਤੇ ਗਲੀ ਵਿਚ ਇਕ ਘਰ ਤੋਂ ਨਸ਼ਾ ਲਿਆ ਅਤੇ ਬਾਅਦ ਘਰ ਦੇ ਗੁਸਲਖਾਨੇ ਅੰਦਰ ਜਾ ਕੇ ਟੀਕਾ ਲਗਾ ਲਿਆ। ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।
ਸੁਖਦੇਵ ਸਿੰਘ ਰੌਣਕੀ ਨੇ ਪਿੰਡ ’ਚ ਨਸ਼ੇ ਦੀ ਕਥਿਤ ਖੁੱਲ੍ਹੀ ਵਿਕਰੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਲਾਕੇ ਵਿਚ ਨਸ਼ੇ ਦਾ ਕਾਰੋਬਾਰ ਬਿਨ੍ਹਾਂ ਕਿਸੇ ਡਰ ਦੇ ਚੱਲ ਰਿਹਾ ਹੈ, ਪਰ ਇਸ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਹੱਲੇ ’ਚ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਪੰਜ ਤੋਂ ਛੇ ਮੌਤਾਂ ਹੋ ਚੁੱਕੀਆਂ ਹਨ।
ਉਨ੍ਹਾਂ ਇਸ ਗੱਲ ’ਤੇ ਵੀ ਸਵਾਲ ਚੁੱਕਿਆ ਕਿ ਪੁਲਿਸ ਚੌਕੀ ਘਟਨਾ ਵਾਲੇ ਇਲਾਕੇ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਸਥਿਤ ਹੈ, ਇਸ ਦੇ ਬਾਵਜੂਦ ਨਸ਼ੇ ਦੀ ਵਿਕਰੀ ਰੁਕ ਨਹੀਂ ਰਹੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਡਰ ਤੇ ਨਿਰਾਸ਼ਾ ਕਾਰਨ ਉਨ੍ਹਾਂ ਨੇ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ।
ਇਸ ਘਟਨਾ ਨੇ ਇਕ ਵਾਰ ਫਿਰ ਸਰਹੱਦੀ ਇਲਾਕੇ ’ਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੀ ਕਾਰਵਾਈ ਕਰਦਾ ਹੈ।