ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਪਾਰੋਂ ਮੰਗਵਾਈ 5 ਕਿੱਲੋ ਹੈਰੋਇਨ ਦੀ ਖੇਪ ਸਣੇ ਇਕ ਕਾਬੂ
ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਐਕਟਿਵਾ ’ਤੇ ਸਵਾਰ ਹੋ ਕੇ ਹੈਰੋਇਨ ਦੀ ਇਹ ਖੇਪ ਕਿਸੇ ਨੂੰ ਦੇਣ ਲਈ ਜਾ ਰਿਹਾ ਸੀ। ਫਿਲਹਾਲ ਪੁਲਿਸ ਨੇ ਉਸਦੇ ਖਿਲਾਫ ਥਾਣਾ ਝਬਾਲ ਵਿਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sat, 25 Apr 2026 12:33 PM (IST)
Updated Date: Sat, 25 Apr 2026 12:36 PM (IST)
ਜਸਪਾਲ ਸਿੰਘ ਜੱਸੀ,ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਸਰਹੱਦ ਪਾਰੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸ ਕੋਲੋਂ ਪੰਜ ਕਿਲੋ ਤੋਂ ਵੱਧ ਹੈਰੋਇਨ ਦੀ ਖੇਪ ਵੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਐਕਟਿਵਾ ’ਤੇ ਸਵਾਰ ਹੋ ਕੇ ਹੈਰੋਇਨ ਦੀ ਇਹ ਖੇਪ ਕਿਸੇ ਨੂੰ ਦੇਣ ਲਈ ਜਾ ਰਿਹਾ ਸੀ। ਫਿਲਹਾਲ ਪੁਲਿਸ ਨੇ ਉਸਦੇ ਖਿਲਾਫ ਥਾਣਾ ਝਬਾਲ ਵਿਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਬਹਾਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਛੀਨਾ ਬਿਧੀਚੰਦ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਮੰਗਵਾ ਕੇ ਅੱਗੇ ਆਪਣੇ ਜਾਣਕਾਰਾਂ ਨੂੰ ਵੇਚਦਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਇਹ ਵੀ ਸੀ ਕਿ ਬਹਾਦਰ ਸਿੰਘ ਐਕਟਿਵਾ ’ਤੇ ਸਵਾਰ ਹੋ ਕੇ ਹੈਰੋਇਨ ਦੀ ਵੱਡੀ ਖੇਪ ਸਪਲਾਈ ਕਰਨ ਲਈ ਨਿਕਲਿਆ ਹੈ। ਜਿਸਦੇ ਚੱਲਦਿਆਂ ਏਐੱਸਆਈ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗੱਗੋਬੂਆ ਇਲਾਕੇ ਵਿਚ ਨਾਕੇਬੰਦੀ ਕਰਕੇ ਬਹਾਦਰ ਸਿੰਘ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 5 ਕਿਲੋ 101 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸਐੱਸਪੀ ਨੇ ਦੱਸਿਆ ਕਿ ਬਹਾਦਰ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।