Tarntaran Encounter : ਕੈਰੋਂ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲ਼ੀ ਲੱਗਣ ਨਾਲ ਦੋ ਮੁਲਜ਼ਮ ਜ਼ਖ਼ਮੀ
ਜਦੋਂ ਪੁਲਿਸ ਪਾਰਟੀ ਪਿੰਡ ਕੈਰੋ ਵਿਖੇ ਘਰਾਟ ਨੇੜੇ ਪਹੁੰਚੀ ਤਾਂ ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖਦੇ ਹੀ ਤਾਬੜਤੋੜ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਪਣੇ ਬਚਾਅ ਵਿੱਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ।
Publish Date: Sun, 19 Apr 2026 06:28 PM (IST)
Updated Date: Sun, 19 Apr 2026 06:36 PM (IST)
ਕੇਪੀ ਗਿੱਲ, ਪੰਜਾਬੀ ਜਾਗਰਣ, ਕੈਰੋਂ : ਸਿਟੀ ਪੱਟੀ ਅਧੀਨ ਆਉਂਦੇ ਪਿੰਡ ਕੈਰੋ ਨੇੜੇ ਪੁਲਿਸ ਅਤੇ ਦੋ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਪਾਸਿਆਂ ਵੱਲੋਂ ਹੋਈ ਤਾਬੜਤੋੜ ਫਾਇਰਿੰਗ ਦੌਰਾਨ ਪੁਲਿਸ ਦੀ ਗੱਡੀ ‘ਤੇ ਗੋਲੀਆਂ ਲੱਗੀਆਂ, ਜਦਕਿ ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਏ। ਜ਼ਖਮੀ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਥਾਣਾ ਸਿਟੀ ਪੱਟੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਸਾਥੀ ਪਿੰਡ ਕੈਰੋ ਨੇੜੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਨਿਯਤ ਨਾਲ ਮੋਟਰਸਾਈਕਲ ‘ਤੇ ਘੁੰਮ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਐਸਐਸਪੀ ਸੁਰਿੰਦਰ ਲਾਂਬਾ ਦੇ ਹੁਕਮਾਂ ਅਨੁਸਾਰ ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਅਤੇ ਪੁਲਿਸ ਚੌਂਕੀ ਕੈਰੋ ਦੀ ਟੀਮ ਨੇ ਇਲਾਕੇ ਵਿੱਚ ਗਸ਼ਤ ਤੀਜ਼ ਕਰ ਦਿੱਤੀ।
ਜਦੋਂ ਪੁਲਿਸ ਪਾਰਟੀ ਪਿੰਡ ਕੈਰੋ ਵਿਖੇ ਘਰਾਟ ਨੇੜੇ ਪਹੁੰਚੀ ਤਾਂ ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖਦੇ ਹੀ ਤਾਬੜਤੋੜ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਪਣੇ ਬਚਾਅ ਵਿੱਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ।
ਪੁਲਿਸ ਨੇ ਮੌਕੇ ਤੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਦੀ ਪਹਿਚਾਣ ਅਮਨ ਕੁਮਾਰ ਉਰਫ ਅਮਨ (ਨਿਵਾਸੀ ਖੇਮਕਰਨ) ਅਤੇ ਲਵਪ੍ਰੀਤ ਸਿੰਘ ਉਰਫ ਲੱਭਾ (ਨਿਵਾਸੀ ਵਲਟੋਹਾ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਇਸ਼ਾਰੇ ‘ਤੇ ਲੋਕਾਂ ਤੋਂ ਫਿਰੌਤੀਆਂ ਮੰਗਦੇ ਸਨ।
ਘਟਨਾ ਦੀ ਸੂਚਨਾ ਮਿਲਣ ‘ਤੇ ਐਸਐਸਪੀ ਸੁਰਿੰਦਰ ਲਾਂਬਾ ਸਮੇਤ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।