Tarntaran News : ਪੱਟੀ ’ਚ ਮੈਡੀਕਲ ਸਟੋਰ ਦੇ ਨੌਜਵਾਨ ਸੰਚਾਲਕ ’ਤੇ ਹਮਲਾ, ਜ਼ਖ਼ਮੀ ਕਰ ਕੇ ਫ਼ਰਾਰ ਹਮਲਾਵਰ
ਪੱਟੀ ਸ਼ਹਿਰ ਵਿਚ ਸ਼ਰੇਆਮ ਗੁੰਡਾਗਰਦੀ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਕੁਝ ਨੌਜਵਾਨਾਂ ਵੱਲੋਂ ਗੌਰਵ ਮੈਡੀਕਲ ਸਟੋਰ ’ਤੇ ਹਮਲਾ ਕਰ ਕੇ ਦੁਕਾਨਦਾਰ ਨੂੰ ਜ਼ਖ਼ਮੀ ਕਰ ਦਿੱਤਾ ਤੇ ਵਾਰਦਾਤ ਤੋਂ ਬਾਅਦ ਹਮਲਾਵਰ ਫ਼ਰਾਰ ਵੀ ਹੋ ਗਏ।
Publish Date: Sat, 09 May 2026 08:52 PM (IST)
Updated Date: Sat, 09 May 2026 08:55 PM (IST)
ਬੱਲੂ ਮਹਿਤਾ•ਪੰਜਾਬੀ ਜਾਗਰਣ, ਪੱਟੀ : ਪੱਟੀ ਸ਼ਹਿਰ ਵਿਚ ਸ਼ਰੇਆਮ ਗੁੰਡਾਗਰਦੀ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਕੁਝ ਨੌਜਵਾਨਾਂ ਵੱਲੋਂ ਗੌਰਵ ਮੈਡੀਕਲ ਸਟੋਰ ’ਤੇ ਹਮਲਾ ਕਰ ਕੇ ਦੁਕਾਨਦਾਰ ਨੂੰ ਜ਼ਖ਼ਮੀ ਕਰ ਦਿੱਤਾ ਤੇ ਵਾਰਦਾਤ ਤੋਂ ਬਾਅਦ ਹਮਲਾਵਰ ਫ਼ਰਾਰ ਵੀ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਪੱਟੀ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਦੋਂਕਿ ਉਕਤ ਘਟਨਾ ਨੂੰ ਲੈ ਕੇ ਜਿਥੇ ਇਲਾਕੇ ਵਿਚ ਰੋਸ ਦੀ ਲਹਿਰ ਹੈ, ਉਥੇ ਹੀ ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਗੌਰਵ ਪੁਰੀ ਪੁੱਤਰ ਸੁਨੀਲ ਕੁਮਾਰ ਵਾਸੀ ਵਾਰਡ ਨੰਬਰ 19 ਭਗਤ ਨਾਮਦੇਵ ਕਲੋਨੀ ਪੱਟੀ ਦੀ ਸਿਵਲ ਹਸਪਤਾਲ ਦੇ ਸਾਹਮਣੇ ਗਲੀ ਵਿਚ ਗੌਰਵ ਮੈਡੀਕਲ ਸਟੋਰ ਨਾਂ ਦੀ ਦੁਕਾਨ ਹੈ। ਸ਼ਨਿਚਰਵਾਰ ਦੇਰ ਸ਼ਾਮ ਕੁਝ ਵਿਅਕਤੀ ਅਚਾਨਕ ਮੈਡੀਕਲ ਸਟੋਰ ’ਤੇ ਆਏ ਅਤੇ ਗੌਰਵ ਉੱਪਰ ਹਮਲਾ ਕਰ ਦਿੱਤਾ। ਹਮਲੇ ਦੌਰਾਨ ਗੌਰਵ ਨੂੰ ਗੰਭੀਰ ਸੱਟਾਂ ਲੱਗੀਆਂ।
ਇਸ ਦੌਰਾਨ ਜਦੋਂ ਨੇੜਲੇ ਦੁਕਾਨਦਾਰ ਅਤੇ ਹੋਰ ਲੋਕ ਇਕੱਠੇ ਹੋਏ ਤਾਂ ਹਮਲਾਵਰ ਫਰਾਰ ਹੋ ਗਏ। ਦੁਕਾਨਦਾਰਾਂ ਨੇ ਜ਼ਖ਼ਮੀ ਗੌਰਵ ਨੂੰ ਤੁਰੰਤ ਸਿਵਲ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਜ਼ਖ਼ਮੀ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਸੂਤਰਾਂ ਅਨੁਸਾਰ ਇਹ ਮਾਮਲਾ ਨਿੱਜੀ ਰੰਜਿਸ਼ ਨਾਲ ਜੁੜਿਆ ਹੋਇਆ ਹੋ ਸਕਦਾ ਹੈ। ਜ਼ਖ਼ਮੀ ਦੇ ਪਿਤਾ ਸੁਨੀਲ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੇ ਨਾਂ ਵੀ ਪੁਲਿਸ ਨੂੰ ਦੱਸ ਦਿੱਤੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।