ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਦਿਨੀ ਡਾਕਟਰ ਨਵਜੋਤ ਕੌਰ ਸਿੱਧੂ ਵੱਲੋਂ ਇਕ ਨਿੱਜੀ ਚੈਨਲ ਉੱਪਰ ਦਿੱਤੀ ਇੰਟਰਵਿਊ ਦੌਰਾਨ ਕਾਂਗਰਸ ਹਾਈ ਕਮਾਂਡ ਉੱਤੇ ਬਹੁਤ ਹੀ ਗੰਭੀਰ ਦੋਸ਼ ਲਗਾਏ ਗਏ ਹਨ। ਜਿਸ ਵਿਚ ਮੈਡਮ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਕੁਰਸੀ ਲਈ ਜਿੱਥੇ 500 ਕਰੋੜ ਰੁਪਏ ਹਾਈ ਕਮਾਂਡ ਨੂੰ ਦੇਣੇ ਪੈਂਦੇ ਹਨ ਉਥੇ ਵਿਧਾਇਕ ਦੀ ਟਿਕਟ ਲਈ ਪੰਜ-ਪੰਜ ਕਰੋੜ ਰੁਪਏ ਵਸੂਲੇ ਜਾਂਦੇ ਹਨ।

ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਅਤੇ ਵਿਧਾਇਕ ਦੀ ਟਿਕਟ ਲਈ ਕਾਂਗਰਸ ਹਾਈਕਮਾਂਡ ਉੱਤੇ 5-5 ਕਰੋੜ ਰੁਪਏ ਵਸੂਲਣ ਸਬੰਧੀ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਪੰਜਾਬ ਡਾਕਟਰ ਨਵਜੋਤ ਕੌਰ ਸਿੱਧੂ ਵੱਲੋਂ ਲਗਾਏ ਇਲਜ਼ਾਮਾਂ ਤੋਂ ਬਾਅਦ ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਭੰਗ ਕਰਨ ਕਰਕੇ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ।
ਉੱਥੇ ਹੀ ਅੱਜ ਕਾਂਗਰਸ ਹਾਈਕਮਾਂਡ ਉੱਤੇ ਝੂਠੇ ਇਲਜ਼ਾਮ ਲਗਾ ਕੇ ਪਾਰਟੀ ਦੀ ਬਦਨਾਮੀ ਕਰਨ ਦਾ ਕਰੜਾ ਨੋਟਿਸ ਲੈਂਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵੱਲੋਂ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ 7 ਦਿਨਾਂ ਦੇ ਅੰਦਰ ਅੰਦਰ ਲਗਾਏ ਗਏ ਇਲਜ਼ਾਮ ਸਬੰਧੀ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ।
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਦਿਨੀ ਡਾਕਟਰ ਨਵਜੋਤ ਕੌਰ ਸਿੱਧੂ ਵੱਲੋਂ ਇਕ ਨਿੱਜੀ ਚੈਨਲ ਉੱਪਰ ਦਿੱਤੀ ਇੰਟਰਵਿਊ ਦੌਰਾਨ ਕਾਂਗਰਸ ਹਾਈ ਕਮਾਂਡ ਉੱਤੇ ਬਹੁਤ ਹੀ ਗੰਭੀਰ ਦੋਸ਼ ਲਗਾਏ ਗਏ ਹਨ। ਜਿਸ ਵਿਚ ਮੈਡਮ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਕੁਰਸੀ ਲਈ ਜਿੱਥੇ 500 ਕਰੋੜ ਰੁਪਏ ਹਾਈ ਕਮਾਂਡ ਨੂੰ ਦੇਣੇ ਪੈਂਦੇ ਹਨ ਉਥੇ ਵਿਧਾਇਕ ਦੀ ਟਿਕਟ ਲਈ ਪੰਜ-ਪੰਜ ਕਰੋੜ ਰੁਪਏ ਵਸੂਲੇ ਜਾਂਦੇ ਹਨ।
ਡਾਕਟਰ ਸਿੱਧੂ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਨੂੰ ਟਿਕਟ ਦੇਣ ਬਦਲੇ ਵੀ ਪਾਰਟੀ ਦੇ ਸੀਨੀਅਰ ਨੇਤਾਵਾਂ ਉੱਤੇ ਕਰੋੜਾਂ ਰੁਪਏ ਵਸੂਲਣ ਦੇ ਦੋਸ਼ ਲਗਾਏ ਹਨ ਜੋ ਕਿ ਬਿਲਕੁਲ ਝੂਠੇ ਅਤੇ ਬੇਬੁਨਿਆਦ ਹਨ ਅਤੇ ਅਜਿਹਾ ਕਰਕੇ ਡਾਕਟਰ ਸਿੱਧੂ ਨੇ ਕਾਂਗਰਸ ਪਾਰਟੀ ਅਤੇ ਵਰਕਰਾਂ ਦੇ ਮਨੋਬਲ ਨੂੰ ਠੇਸ ਪਹੁੰਚਾਈ ਹੈ। ਜਿਸ ਕਰਕੇ ਅੱਜ ਉਹਨਾਂ ਵੱਲੋਂ ਆਪਣੇ ਵਕੀਲ ਗੁਰਸੇਵਕ ਸਿੰਘ ਛੀਨਾ ਰਾਹੀਂ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ ਜਿਸ ਵਿਚ ਮੰਗ ਕੀਤੀ ਗਈ ਹੈ ਕਿ ਡਾਕਟਰ ਸਿੱਧੂ ਸੱਤ ਦਿਨਾਂ ਦੇ ਅੰਦਰ ਹਾਈ ਕਮਾਂਡ ਉੱਪਰ ਲਗਾਏ ਦੋਸ਼ਾਂ ਦੇ ਸਬੂਤ ਪੇਸ਼ ਕਰਨ।
ਜੇਕਰ 7 ਦਿਨਾਂ ਦੇ ਅੰਦਰ ਡਾਕਟਰ ਨਵਜੋਤ ਕੌਰ ਸਿੱਧੂ ਵੱਲੋਂ ਕੋਈ ਤਸੱਲੀ ਬਖਸ਼ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਵੱਲੋਂ ਡਾਕਟਰ ਨਵਜੋਤ ਕੌਰ ਸਿੱਧੂ ਦੇ ਖਿਲਾਫ ਮਾਨਯੋਗ ਅਦਾਲਤ ਵਿਚ 5 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਮਿਹਨਤੀ ਵਰਕਰਾਂ ਨੂੰ ਉੱਚੇ ਅਹੁਦੇ ਦੇ ਕੇ ਨਿਵਾਜਦੀ ਰਹੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਮਿਹਨਤੀ ਵਰਕਰਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਫ਼ਲ ਦਿੱਤਾ ਹੈ। ਉਹਨਾਂ ਕਿਹਾ ਕਿ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਆਪਣੀ ਬੇਤੁਕੀ ਬਿਆਨਬਾਜ਼ੀ ਲਈ ਜਨਤਕ ਤੌਰ 'ਤੇ ਮੁਆਫੀ ਵੀ ਮੰਗਣੀ ਚਾਹੀਦੀ ਹੈ।