- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਦੇ ਮੁੱਖ ਚੌਕ ਵਿੱਚ ਬੁੱਧਵਾਰ ਦੇਰ ਰਾਤ ਮਾਮੂਲੀ ਤਕਰਾਰ ਦੌਰਾਨ ਇੱਕ ਨਾਬਾਲਿਗ ਲੜਕੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਕਿਰਪਾਲ ਸਿੰਘ ਰੰਧਾਵਾ• ਪੰਜਾਬੀ ਜਾਗਰਣ, ਹਰੀਕੇ ਪੱਤਣ: ਤਰਨਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਦੇ ਮੁੱਖ ਚੌਕ ਵਿੱਚ ਬੁੱਧਵਾਰ ਦੇਰ ਰਾਤ ਮਾਮੂਲੀ ਤਕਰਾਰ ਦੌਰਾਨ ਇੱਕ ਨਾਬਾਲਿਗ ਲੜਕੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਅੰਗਦਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਟੀ ਰੋਡ, ਹਰੀਕੇ ਪੱਤਣ ਵਜੋਂ ਹੋਈ ਹੈ। ਪ੍ਰਤੱਖਦਰਸ਼ੀਆਂ ਅਨੁਸਾਰ ਅੰਗਦਜੋਤ ਸਿੰਘ ਆਪਣੀ ਦੁਕਾਨ 'ਤੇ ਮੌਜੂਦ ਸੀ। ਇਸ ਦੌਰਾਨ ਦੁਕਾਨ ਦੇ ਬਾਹਰ ਰੇਹੜੀ 'ਤੇ ਸਪਰਿੰਗ ਰੋਲ ਖਾ ਰਹੇ ਕੁਝ ਲੜਕਿਆਂ ਨਾਲ ਉਸ ਦੀ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਝਗੜਾ ਵਧ ਗਿਆ ਅਤੇ ਇੱਕ ਨੌਜਵਾਨ ਨੇ ਅੰਗਦਜੋਤ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਮੱਖੂ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਥਾਣਾ ਹਰੀਕੇ ਦੇ ਮੁਖੀ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪੱਟੀ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰ ਮਰਹਾਣਾ ਪਿੰਡ ਦੇ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਸ਼ਨਾਖ਼ਤ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ।