Tarntaran News : ਪਿੰਡ ਠੱਠੀਆਂ ਮਹੰਤਾਂ ’ਚ ਦਿਨ ਦਿਹਾੜੇ ਪੈਟਰੋਲ ਪੰਪ ‘ਤੇ ਲੁੱਟ, ਲੱਤ 'ਚ ਗੋਲ਼ੀ ਲੱਗਣ ਨਾਲ ਕਰਿੰਦਾ ਜ਼ਖ਼ਮੀ; ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਠੀਆਂ ਮਹੰਤਾਂ ਵਿਖੇ ਨੈਸ਼ਨਲ ਹਾਈਵੇ ‘ਤੇ ਸਥਿਤ ਗੁਰੂ ਅਮਰਦਾਸ ਫਿਲਿੰਗ ਸਟੇਸ਼ਨ ‘ਤੇ ਦਿਨ ਦਿਹਾੜੇ ਲੁੱਟ ਅਤੇ ਗੋਲੀਬਾਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਦੁਪਹਿਰ ਕਰੀਬ ਤਿੰਨ ਵਜੇ ਵਾਪਰੀ, ਜਿਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
Publish Date: Tue, 26 May 2026 08:23 PM (IST)
Updated Date: Tue, 26 May 2026 08:26 PM (IST)
ਰਾਕੇਸ਼ ਨਈਅਰ/ਕਿਰਪਾਲ ਸਿੰਘ ਰੰਧਾਵਾ•ਪੰਜਾਬੀ ਜਾਗਰਣ, ਚੋਹਲਾ ਸਾਹਿਬ/ਹਰੀਕੇ ਪੱਤਣ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਠੀਆਂ ਮਹੰਤਾਂ ਵਿਖੇ ਨੈਸ਼ਨਲ ਹਾਈਵੇ ‘ਤੇ ਸਥਿਤ ਗੁਰੂ ਅਮਰਦਾਸ ਫਿਲਿੰਗ ਸਟੇਸ਼ਨ ‘ਤੇ ਦਿਨ ਦਿਹਾੜੇ ਲੁੱਟ ਅਤੇ ਗੋਲੀਬਾਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਦੁਪਹਿਰ ਕਰੀਬ ਤਿੰਨ ਵਜੇ ਵਾਪਰੀ, ਜਿਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਪੈਟਰੋਲ ਪੰਪ ‘ਤੇ ਆਏ, ਜਿਨ੍ਹਾਂ ਵਿੱਚੋਂ ਇਕ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। ਉਕਤ ਲੋਕਾਂ ਨੇ ਪਹਿਲਾਂ ਆਪਣੇ ਮੋਟਰਸਾਈਕਲ ਵਿਚ 500 ਰੁਪਏ ਦਾ ਤੇਲ ਪਵਾਇਆ ਅਤੇ ਉਸ ਤੋਂ ਬਾਅਦ ਪੰਪ ਦੇ ਕਰਿੰਦੇ ਸੁਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਚੌਧਰੀ ਵਾਲਾ ਨੂੰ ਪਿਸਤੌਲ ਦੀ ਨੋਕ ‘ਤੇ ਡਰਾ ਧਮਕਾ ਕੇ ਕਰੀਬ 7 ਤੋਂ 8 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ।
ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਦੋਂ ਦੋਵੇਂ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਲੱਗੇ ਤਾਂ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਇਹ ਗੋਲੀ ਪੰਪ ਦੇ ਕਰਿੰਦੇ ਸੁਰਜੀਤ ਸਿੰਘ ਦੀ ਲੱਤ ਵਿਚ ਜਾ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਅਤੇ ਡੀਐੱਸਪੀ ਇਨਵੈਸਟੀਗੇਸ਼ਨ ਸ਼ਿਵਦਰਸ਼ਨ ਸਿੰਘ ਤੋਂ ਇਲਾਵਾ ਥਾਣਾ ਸਰਹਾਲੀ ਦੀ ਪੁਲਿਸ ਮੌਕੇ ‘ਤੇ ਪੁੱਜ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਇਸ ਸਬੰਧੀ ਥਾਣਾ ਸਰਹਾਲੀ ਦੇ ਐੱਸਐੱਚਓ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵੀ ਕੀਤੀ ਜਾ ਰਹੀ ਹੈ। ਉੱਧਰ ਦਿਨ ਦਿਹਾੜੇ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।