- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਨੇ ਅਥਲੈਟਿਕ ਮੀਟ ਕਰਵਾਈ

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਨੇ ਅਥਲੈਟਿਕ ਮੀਟ ਕਰਵਾਈ, ਸੰਤ ਬਾਬਾ ਸੁੱਖਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ,ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ
ਲਵਦੀਪ ਦੇਵਗਨ, •ਪੰਜਾਬੀ ਜਾਗਰਣ, ਸਰਹਾਲੀ ਕਲਾਂ : ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੇ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਸੰਤ ਬਾਬਾ ਤਾਰਾ ਸਿੰਘ ਸਪੋਰਟਸ ਅਕੈਡਮੀ ਦੇ ਖੇਡ ਮੈਦਾਨ ਵਿਚ ਅੱਜ ਸਵੇਰੇ ਝੰਡਾ ਲਹਿਰਾ ਕੇ ਕਾਲਜ ਦੀ ਸਾਲਾਨਾ ਅਥਲੈਟਿਕ ਮੀਟ ਦਾ ਸ਼ੁਭ ਆਰੰਭ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੀ ਸਥਾਪਨਾ ਸੰਨ 1970 ਵਿਚ ਸੰਤ ਬਾਬਾ ਤਾਰਾ ਸਿੰਘ ਜੀ ਵੱਲੋਂ ਕੀਤੀ ਗਈ ਸੀ। ਮੌਜੂਦਾ ਸਮੇਂ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਅਗਵਾਈ ਹੇਠ ਇਹ ਸੰਸਥਾ ਉਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਇਲਾਕੇ ਵਿਚ ਸਮਾਜਿਕ ਜਿੰਮੇਵਾਰੀਆਂ ਨੂੰ ਵੀ ਸੁਚੱਜੇ ਢੰਗ ਨਾਲ ਨਿਭਾ ਰਹੀ ਹੈ। ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇਣ ਦੇ ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।
ਇਸੇ ਤਹਿਤ ਸੰਤ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਕੈਡਮੀ ਦੇ ਗਰਾਊਂਡ ਵਿਚ ਕਰਵਾਈ ਜਾ ਰਹੀ ਸਾਲਾਨਾ ਅਥਲੈਟਿਕ ਮੀਟ ਦੇ ਵੱਖ-ਵੱਖ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਕਰਵਾਈ ਗਈ। ਮੁੱਖ ਮਹਿਮਾਨ ਵਜੋਂ ਉਨ੍ਹਾਂ ਨੇ ਖਿਡਾਰੀਆਂ ਦੀ ਮਾਰਚ ਪਾਸਟ ਦਾ ਜਾਇਜ਼ਾ ਲਿਆ ਅਤੇ ਝੰਡਾ ਲਹਿਰਾ ਕੇ ਤੇ ਆਕਾਸ਼ ਵਿਚ ਗੁਬਾਰੇ ਛੱਡ ਕੇ ਖੇਡਾਂ ਦਾ ਆਗਾਜ਼ ਕੀਤਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਦਾ ਗਾਇਨ ਵੀ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਬੀਰ ਸਿੰਘ ਵੱਲੋਂ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਗੁਰੂ ਆਸ਼ੇ ਅਨੁਸਾਰ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ ਬਿੱਲਿਆਂਵਾਲਾ, ਪ੍ਰਿੰਸੀਪਲ ਡਾ. ਜਸਬੀਰ ਸਿੰਘ ਅਤੇ ਸੀਨੀਅਰ ਮੈਂਬਰ ਜਸਵਿੰਦਰ ਸਿੰਘ ਮੋਹਨਪੁਰ, ਮਨਜੀਤ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੱਡੇ ਉਤਸ਼ਾਹ ਨਾਲ ਭਾਗ ਲੈਣ ਕਾਲਜ ਦੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਅਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਬਾਬਾ ਜੀ ਨੇ ਇਸ ਅਥਲੈਟਿਕ ਮੀਟ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਹਿੱਤ ਪ੍ਰਿੰਸੀਪਲ ਡਾ. ਜਸਬੀਰ ਸਿੰਘ ਅਤੇ ਡੀਪੀਈ ਡਾ. ਅਮਨਦੀਪ ਸਿੰਘ ਦੀ ਸ਼ਲਾਘਾ ਕੀਤੀ। ਸਟੇਜ ਦਾ ਸੰਚਾਲਨ ਪ੍ਰੋਫੈਸਰ ਪਰਮਵੀਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਫੀਲੋ, ਗੁਰਲਾਲ ਸਿੰਘ ਸਰਹਾਲੀ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਪੰਚਮ ਫਿਲਿੰਗ ਸਟੇਸ਼ਨ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।