ਅੱਜ ਰਾਤ 8 ਵਜੇ ਕੀਤੀ ਜਾਵੇਗੀ ਬਲੈਕਆਊਟ ਮੌਕ ਡਰਿੱਲ : ਡਿਪਟੀ ਕਮਿਸ਼ਨਰ
ਅੱਜ ਰਾਤ 8 ਵਜੇ ਕੀਤੀ ਜਾਵੇਗੀ ਬਲੈਕਆਊਟ ਮੌਕ ਡਰਿੱਲ - ਡਿਪਟੀ ਕਮਿਸ਼ਨਰ
Publish Date: Thu, 23 Apr 2026 08:03 PM (IST)
Updated Date: Fri, 24 Apr 2026 04:10 AM (IST)

ਕਿਹਾ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਰਾਤ 8 ਵਜੇ ਮੌਕ ਡਰਿੱਲ ਲਈ ਵੱਜਣਗੇ ਸਾਇਰਨ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸ਼ੁੱਕਰਵਾਰ ਨੂੰ ਰਾਤ 8 ਵਜੇ ਜ਼ਿਲ੍ਹਾ ਤਰਨਤਾਰਨ ਵਿਖੇ ਸਿਵਲ ਡਿਫੈਂਸ ਏਅਰ ਰੇਡ, ਬਲੈਕਆਊਟ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਹ ਮੌਕ ਡਰਿੱਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਰਾਹੁਲ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਰਾਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਮੌਕ ਡਰਿੱਲ ਦੌਰਾਨ ਬਿਜਲੀ ਵਿਭਾਗ ਵੱਲੋਂ ਬਿਜਲੀ ਸਪਲਾਈ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਕਰੀਬ 15 ਮਿੰਟ ਦੇ ਇਸ ਬਲੈਕਆਊਟ ਦੌਰਾਨ ਨਿਰਧਾਰਤ ਖੇਤਰਾਂ ਵਿਚ ਆਮ ਜਨਤਾ ਵੱਲੋਂ ਸਾਰੀਆਂ ਗੈਰ-ਜ਼ਰੂਰੀ ਬੱਤੀਆਂ ਬੰਦ ਕੀਤੀਆਂ ਜਾਣਗੀਆਂ, ਹਾਲਾਂਕਿ, ਜ਼ਰੂਰੀ ਸੇਵਾਵਾਂ ਇਸ ਦੌਰਾਨ ਚੱਲਦੀਆਂ ਰਹਿਣਗੀਆਂ। ਉਨ੍ਹਾਂ ਨੇ ਦੱਸਿਆ ਕਿ ਮੌਕ ਡਰਿੱਲ ਸਮਾਪਤ ਹੋਣ ਉਪਰੰਤ “ਆਲ ਕਲੀਅਰ” ਸਿਗਨਲ 2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ ਦਿੱਤਾ ਜਾਵੇਗਾ, ਜੋ ਇਸ ਡਰਿੱਲ ਦੇ ਖ਼ਤਮ ਹੋਣ ਦਾ ਸੰਕੇਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਅਭਿਆਸ ਦੌਰਾਨ ਅੱਗ ਬੁਝਾਊ ਕਾਰਵਾਈ, ਬਚਾਅ ਅਤੇ ਰਾਹਤ ਕਾਰਜ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜਖ਼ਮੀਆਂ ਦੀ ਢੁਆਈ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਵਾਂ ਦੀ ਪ੍ਰਤੀਕਾਤਮਕ ਰਿਹਰਸਲ ਕੀਤੀ ਜਾਵੇਗੀ। ਮੌਕ ਡਰਿੱਲ ਦੌਰਾਨ ਵਲੰਟੀਅਰ, ਸਿਵਲ ਡਿਫੈਂਸ ਦੇ ਕਰਮਚਾਰੀ, ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਿਸ ਅਧਿਕਾਰੀ ਵੀ ਹਾਜਰ ਹੋਣਗੇ। ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਇਸ ਦੌਰਾਨ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਲਈ ਇਕ ਰੁਟੀਨ ਡਰਿੱਲ ਹੈ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਇਸ ਬਲੈਕ ਆਊਟ ਡਰਿੱਲ ਦੌਰਾਨ ਸਿਵਲ ਡਿਫੈਂਸ ਦਾ ਸਾਥ ਦਿੱਤਾ ਜਾਵੇ ਅਤੇ ਆਪਣੇ ਘਰਾਂ ਤੇ ਦੁਕਾਨਾਂ ਆਦਿ ਦੀਆਂ ਸਾਰੀਆਂ ਲਾਈਟਾਂ ਬੰਦ ਰੱਖੀਆਂ ਜਾਣ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੇ ਦੇਸ਼ ਵਿਚ ਮੌਕ ਡਰਿੱਲ ਹਰੇਕ ਸਾਲ ਦੇ ਅਪ੍ਰੈਲ ਅਤੇ ਨਵੰਬਰ ਦੇ ਮਹੀਨੇ ਵਿਚ ਕਰਵਾਈ ਜਾਇਆ ਕਰੇਗੀ।