ਯਾਤਰਾ ਦਾ ਮਕਸਦ ਸਿੱਖ ਧਰਮ ਨਾਲ ਜੁੜੇ ਪਵਿੱਤਰ ਅਸਥਾਨਾਂ ’ਤੇ ਮੱਥਾ ਟੇਕ ਕੇ ‘ਵਾਹਿਗੁਰੂ’ ਦਾ ਸ਼ੁਕਰਾਨਾ ਅਦਾ ਕਰਨਾ ਅਤੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨੀ ਹੈ।

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮਾਝੇ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਣ ਪਹੁੰਚ ਰਹੇ ਹਨ। ਇਹ ਦੌਰਾ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਗਏ ਸਤਿਕਾਰ ਕਾਨੂੰਨ ਦੇ ਪਾਸ ਹੋਣ ਤੋਂ ਬਾਅਦ ਕੀਤੀ ਜਾ ਰਹੀ ਸ਼ੁਕਰਾਨਾ ਯਾਤਰਾ ਤੇ ਵੱਖ-ਵੱਖ ਗੁਰੂ ਘਰਾਂ ’ਚ ਅਰਦਾਸ ਕਰਨ ਦੇ ਪ੍ਰੋਗਰਾਮ ਦਾ ਹਿੱਸਾ ਹੈ। ਇਸ ਯਾਤਰਾ ਦਾ ਮਕਸਦ ਸਿੱਖ ਧਰਮ ਨਾਲ ਜੁੜੇ ਪਵਿੱਤਰ ਅਸਥਾਨਾਂ ’ਤੇ ਮੱਥਾ ਟੇਕ ਕੇ ‘ਵਾਹਿਗੁਰੂ’ ਦਾ ਸ਼ੁਕਰਾਨਾ ਅਦਾ ਕਰਨਾ ਅਤੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨੀ ਹੈ।
ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਇਲਾਕੇ ਵਿਚ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਥਾਨਕ ਪ੍ਰਸ਼ਾਸਨ ਤੇ ਪਾਰਟੀ ਵਰਕਰਾਂ ਵੱਲੋਂ ਵਿਸਥਾਰ ਪੂਰਵਕ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਦੌਰੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਗੁਰਦੁਆਰਾ ਸਾਹਿਬ ਵਿਖੇ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਹਨ ਅਤੇ ਆਉਣ ਵਾਲੀ ਸੰਗਤ ਲਈ ਵੀ ਵਧੀਆ ਪ੍ਰਬੰਧ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ’ਚ ਇਸ ਦੌਰੇ ਨੂੰ ਲੈ ਕੇ ਉਤਸ਼ਾਹ ਹੈ ਤੇ ਵੱਡੀ ਗਿਣਤੀ ’ਚ ਸੰਗਤ ਵੀ ਪਹੁੰਚੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਵਰਕਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ ਤੇ ਹਰ ਪੱਖੋਂ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਬੇਅਦਬੀ ਦੇ ਮਾਮਲੇ ਪੰਜਾਬ ’ਚ ਹਮੇਸ਼ਾ ਸੰਵੇਦਨਸ਼ੀਲ ਰਹੇ ਹਨ ਅਤੇ ਇਸ ਸਬੰਧੀ ਕੜੇ ਕਾਨੂੰਨ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ।
ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਬੇਅਦਬੀਆਂ ਨੂੰ ਰੋਕਣ ਸਬੰਧੀ ਠੋਸ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਸੀ। ਜਿਸ ਨੂੰ ਪੂਰਾ ਕਰਦਿਆਂ ਸਰਕਾਰ ਵੱਲੋਂ ਇਹ ਕਾਨੂੰਨ ਪਾਸ ਕਰਨ ਤੋਂ ਬਾਅਦ ਧਾਰਮਿਕ ਵਰਗਾਂ ’ਚ ਸੰਤੁਸ਼ਟੀ ਦੀ ਲਹਿਰ ਵੇਖੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਸਬੰਧ ’ਚ ਮੁੱਖ ਮੰਤਰੀ ਵਲੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਮੁੱਖ ਮੰਤਰੀ ਵੱਖ-ਵੱਖ ਧਾਰਮਿਕ ਸਥਾਨਾਂ ਦਾ ਦੌਰਾ ਕਰ ਰਹੇ ਹਨ ਤੇ ਵੀਰਵਾਰ ਨੂੰ ਦੁਪਹਿਰ 1 ਵਜੇ ਉਹ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣਗੇ।
====
ਯਾਤਰਾ ਦੌਰਾਨ ਮੁੱਖ ਮੰਤਰੀ ਲੋਕਾਂ ਨਾਲ ਸਿੱਧਾ ਸੰਪਰਕ ਵੀ ਕਰ ਰਹੇ
ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਮੌਕੇ ਜ਼ਿਲ੍ਹੇ ਦੇ ਵਿਧਾਇਕ ਅਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹਿਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਯਾਤਰਾ ਦੌਰਾਨ ਮੁੱਖ ਮੰਤਰੀ ਲੋਕਾਂ ਨਾਲ ਸਿੱਧਾ ਸੰਪਰਕ ਵੀ ਕਰ ਰਹੇ ਹਨ ਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਨਾਲ ਨਾ ਸਿਰਫ਼ ਲੋਕਾਂ ਵਿਚ ਭਰੋਸਾ ਵਧਣ ਦੀ ਉਮੀਦ ਜਿਤਾਈ ਜਾ ਰਹੀ ਹੈ, ਸਗੋਂ ਸਰਕਾਰ ਨੂੰ ਲੋਕਾਂ ਦੇ ਵਿਚਾਰ ਵੀ ਜਾਣਨ ਦਾ ਮੌਕਾ ਵੀ ਮਿਲਦਾ ਮਿਲੇਗਾ।