- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਦਪੁਰ ਤੋਂ ਪੱਟੀ ਤਕ ਲਿੰਕ ਸੜਕ ਦੀ ਹਾਲਤ ਖਸਤਾ, ਰਾਹਗੀਰਾਂ ਲਈ ਬਣੀ ਵੱਡੀ ਮੁਸੀਬਤ

ਨੰਦਪੁਰ ਤੋਂ ਪੱਟੀ ਤਕ ਲਿੰਕ ਸੜਕ ਦੀ ਹਾਲਤ ਖਸਤਾ, ਰਾਹਗੀਰਾਂ ਲਈ ਬਣੀ ਵੱਡੀ ਮੁਸੀਬਤ
ਲੰਮੇ ਸਮੇਂ ਤੋਂ ਟੁੱਟੀ ਸੜਕ ਵੱਲ ਨਹੀਂ ਧਿਆਨ, ਸਰਕਾਰਾਂ ਦੇ ਵਿਕਾਸ ਦੇ ਦਾਅਵਿਆਂ ’ਤੇ ਉੱਠੇ ਸਵਾਲ
ਕੇਪੀ ਗਿੱਲ•, ਪੰਜਾਬੀ ਜਾਗਰਣ,
ਕੈਰੋਂ : ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡਾਂ ਨੂੰ ਪੱਟੀ ਸ਼ਹਿਰ ਨਾਲ ਜੋੜਨ ਵਾਲੀ ਮਹੱਤਵਪੂਰਨ ਲਿੰਕ ਸੜਕ ਲੰਮੇ ਸਮੇਂ ਤੋਂ ਖਸਤਾ ਹਾਲਤ ’ਚ ਹੋਣ ਕਾਰਨ ਰਾਹਗੀਰਾਂ ਤੇ ਇਲਾਕਾ ਵਾਸੀਆਂ ਲਈ ਵੱਡੀ ਪਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਪਿੰਡ ਨੰਦਪੁਰ ਤੋਂ ਸਰਹਾਲੀ ਮੰਡ, ਨਿੱਕੀ ਸਰਹਾਲੀ, ਪਿੰਡ ਕੰਡਿਆਲਾ ਤੋਂ ਵਾਇਆ ਪੀਰਾ ਸਾਹਿਬ ਪੱਟੀ ਤਕ ਜਾਣ ਵਾਲੀ ਇਸ ਸੜਕ ਦੀ ਹਾਲਤ ਇਨ੍ਹੀਂ ਮਾੜੀ ਦੱਸੀ ਜਾ ਰਹੀ ਹੈ ਕਿ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਲਾਕਾ ਵਾਸੀਆਂ ਅਨੁਸਾਰ ਸੜਕ ’ਤੇ ਥਾਂ-ਥਾਂ ਟੋਏ ਪਏ ਹੋਏ ਹਨ ਤੇ ਕਈ ਹਿੱਸਿਆਂ ਵਿਚ ਸੜਕ ਦੀ ਉਪਰਲੀ ਪਰਤ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਟੋਇਆਂ ’ਚ ਪਾਣੀ ਖੜ੍ਹਾ ਹੋ ਜਾਣ ਕਾਰਨ ਸੜਕ ਦੀ ਅਸਲ ਹਾਲਤ ਦਾ ਅੰਦਾਜ਼ਾ ਲਗਾਉਣਾ ਹੋਰ ਵੀ ਮੁਸ਼ਕਿਲ ਹੋ ਜਾਂਦਾ ਹੈ। ਇਸ ਕਾਰਨ ਦੋਪਹੀਆ ਵਾਹਨ ਚਾਲਕਾਂ ਲਈ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਦਕਿ ਕਾਰਾਂ, ਟਰੈਕਟਰਾਂ ਤੇ ਹੋਰ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਰਹਿੰਦਾ ਹੈ।
ਇਹ ਸੜਕ ਸਿਰਫ਼ ਇਕ ਪਿੰਡ ਨੂੰ ਦੂਜੇ ਪਿੰਡ ਨਾਲ ਜੋੜਨ ਵਾਲਾ ਰਸਤਾ ਨਹੀਂ, ਸਗੋਂ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ ਲਈ ਪੱਟੀ ਸ਼ਹਿਰ ਤਕ ਪਹੁੰਚਣ ਦਾ ਮਹੱਤਵਪੂਰਨ ਮਾਰਗ ਹੈ। ਰੋਜ਼ਾਨਾ ਕਿਸਾਨ, ਵਿਦਿਆਰਥੀ, ਮੁਲਾਜ਼ਮ, ਦੁਕਾਨਦਾਰ ਅਤੇ ਹੋਰ ਲੋਕ ਇਸ ਰਸਤੇ ਦੀ ਵਰਤੋਂ ਕਰਦੇ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਖ਼ਰਾਬ ਸੜਕ ਕਾਰਨ ਲੋਕਾਂ ਦਾ ਕੀਮਤੀ ਸਮਾਂ ਵੀ ਬਰਬਾਦ ਹੁੰਦਾ ਹੈ ਤੇ ਵਾਹਨਾਂ ਦੀ ਮੁਰੰਮਤ ’ਤੇ ਵਾਧੂ ਖਰਚਾ ਆਉਂਦਾ ਹੈ। ਖਾਸ ਕਰਕੇ ਬਜ਼ੁਰਗਾਂ, ਮਰੀਜ਼ਾਂ ਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਇਸ ਰਸਤੇ ’ਤੇ ਸਫ਼ਰ ਕਰਨ ਸਮੇਂ ਵਧੇਰੇ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰਾਂ ਵੱਲੋਂ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਦੇਣ ਤੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਪੱਧਰ ’ਤੇ ਇਸ ਤਰ੍ਹਾਂ ਦੀਆਂ ਸੜਕਾਂ ਦੀ ਹਾਲਤ ਸਰਕਾਰੀ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੜਕ ਦੀ ਸਮੇਂ ਸਿਰ ਮੁਰੰਮਤ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ’ਚ ਇਸ ਦੀ ਹਾਲਤ ਹੋਰ ਵੀ ਖ਼ਰਾਬ ਹੋ ਸਕਦੀ ਹੈ ਤੇ ਫਿਰ ਮੁਰੰਮਤ ਦੀ ਬਜਾਏ, ਇਸ ਨੂੰ ਮੁੜ ਬਣਾਉਣ ’ਤੇ ਸਰਕਾਰੀ ਖ਼ਜ਼ਾਨੇ ’ਤੇ ਹੋਰ ਵੱਡਾ ਬੋਝ ਪੈ ਸਕਦਾ ਹੈ।
-----------
ਬਾਕਸ :
ਹਾਦਸਾ ਵਾਪਰਨ ਤੋਂ ਪਹਿਲਾਂ ਪ੍ਰਸ਼ਾਸਨ ਕਰੇ ਕਾਰਵਾਈ
ਰਾਹਗੀਰਾਂ ਨੇ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਤੁਰੰਤ ਮੌਕੇ ’ਤੇ ਜਾਂਚ ਕਰਵਾਈ ਜਾਵੇ ਤੇ ਇਸ ਦੀ ਮੁਰੰਮਤ ਜਾਂ ਨਵੀਂ ਸੜਕ ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੱਡੇ ਹਾਦਸੇ ਜਾਂ ਜਾਨੀ ਨੁਕਸਾਨ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਪਹਿਲਾਂ ਹੀ ਸਮੱਸਿਆ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਰਾਹਗੀਰ ਸੰਤੋਖ ਸਿੰਘ, ਜੋਗਾ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ ਤੇ ਸਰਬਜੀਤ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੰਦਪੁਰ ਤੋਂ ਸਰਹਾਲੀ ਮੰਡ, ਨਿੱਕੀ ਸਰਹਾਲੀ, ਕੰਡਿਆਲਾ ਤੋਂ ਵਾਇਆ ਪੀਰਾ ਸਾਹਿਬ ਪੱਟੀ ਤਕ ਲਿੰਕ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਤੇ ਹੁਣ ਪ੍ਰਸ਼ਾਸਨ ਨੂੰ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇ ਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ।
-----------
ਬਾਕਸ :
ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਸਰਕਾਰ ਦੀ ਪਹਿਲੀ ਤਰਜੀਹ : ਜੱਸਾ ਪੱਟੀ
ਹਲਕਾ ਪੱਟੀ ਦੇ ਨਵੇਂ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦਾ ਕਹਿਣਾ ਹੈ ਕਿ ਪਿੰਡਾਂ ਨੂੰ ਸ਼ਹਿਰ ਨਾਲ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੰਦਪੁਰ ਤੋਂ ਸਰਹਾਲੀ ਮੰਡ, ਨਿੱਕੀ ਸਰਹਾਲੀ, ਕੰਡਿਆਲਾ ਤੋਂ ਵਾਇਆ ਪੀਰਾ ਸਾਹਿਬ ਪੱਟੀ ਤਕ ਸੜਕ ਸਬੰਧੀ ਲੋਕਾਂ ਦੀ ਸਮੱਸਿਆ ਨੂੰ ਸਬੰਧਤ ਵਿਭਾਗ ਦੇ ਧਿਆਨ ’ਚ ਲਿਆਂਦਾ ਜਾਵੇਗਾ। ਜੱਸਾ ਪੱਟੀ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ ਸਿਰਫ਼ ਵਿਕਾਸ ਦਾ ਮੁੱਦਾ ਨਹੀਂ, ਸਗੋਂ ਲੋਕਾਂ ਦੀ ਰੋਜ਼ਾਨਾ ਸਹੂਲਤ ਤੇ ਸੁਰੱਖਿਆ ਨਾਲ ਵੀ ਜੁੜਿਆ ਮਾਮਲਾ ਹੈ। ਜਿਥੇ ਵੀ ਸੜਕਾਂ ਦੀ ਹਾਲਤ ਖ਼ਰਾਬ ਹੈ, ਉਥੇ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਇਕੱਠੀ ਕਰਕੇ ਸਰਕਾਰ ਤਕ ਪਹੁੰਚਾਈ ਜਾਵੇਗੀ ਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਵਾਉਣ ਲਈ ਪੂਰਾ ਯਤਨ ਕੀਤਾ ਜਾਵੇਗਾ।