- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਦਰਬਾਰ ਸਾਹਿਬ ਤਰਨਤਾਰਨ ’ਚ ਸ਼ਰਧਾ ਨਾਲ ਮਨਾਈ ਸਾਵਣ ਮਹੀਨੇ ਦੀ ਮੱਸਿਆ

ਹੁੰਮਸ ਭਰੀ ਗਰਮੀ ਦੇ ਬਾਵਜੂਦ ਲੱਖਾਂ ਸ਼ਰਧਾਲੂਆਂ ਨੇ ਭਰੀ ਹਾਜ਼ਰੀ, ਪਵਿੱਤਰ ਸਰੋਵਰ ’ਚ ਕੀਤੇ ਇਸ਼ਨਾਨ
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ,
ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸਾਉਣ ਮਹੀਨੇ ਦੀ ਚੌਦਸ ਤੇ ਮੱਸਿਆ ਦਾ ਦਿਹਾੜਾ ਮੰਗਲ ਤੇ ਬੁੱਧਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਹੁੰਮਸ ਭਰੀ ਗਰਮੀ ਦੇ ਬਾਵਜੂਦ ਦੋਵੇਂ ਦਿਨ ਲੱਖਾਂ ਦੀ ਗਿਣਤੀ ’ਚ ਗੁਰੂ ਨਾਨਕ ਨਾਮ ਲੇਵਾ ਸੰਗਤ ਗੁਰੂ ਘਰ ਪੁੱਜੀ ਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਸੰਗਤ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ’ਚ ਸੀਸ ਨਿਵਾਇਆ। ਉਥੇ ਹੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਹਜੂਰੀ ਰਾਗੀ ਜਥਿਆਂ ਨੇ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਲੰਗਰ ਹਾਲ ਵਿਖੇ ਚਾਹ ਪਕੌੜੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ। ਦੀਵਾਨ ਹਾਲ ਵਿਖੇ ਚੌਦਸ ਤੇ ਮੱਸਿਆ ਦੇ ਦਿਹਾੜਿਆਂ ’ਤੇ ਦਿਨ ਰਾਤ ਭਾਰੀ ਦੀਵਾਨ ਸੱਜਿਆ। ਜਿਸ ਵਿਚ ਭਾਈ ਕਰਮ ਸਿੰਘ ਕਵੀਸ਼ਰੀ ਜਥਾ, ਭਾਈ ਸੁਮਨਪ੍ਰੀਤ ਕੌਰ ਢਾਡੀ ਜਥਾ, ਭਾਈ ਨਿਰੰਜਣ ਸਿੰਘ ਕਵੀਸ਼ਰੀ ਜਥਾ, ਭਾਈ ਜਸਵਿੰਦਰ ਸਿੰਘ ਕਵੀਸ਼ਰੀ ਜਥਾ, ਭਾਈ ਸੰਤੋਖ ਸਿੰਘ ਢਾਡੀ ਜਥਾ, ਭਾਈ ਮੱਸਾ ਸਿੰਘ ਕਵੀਸ਼ਰ, ਭਾਈ ਸੁਰਜੀਤ ਸਿੰਘ ਢਾਡੀ, ਭਾਈ ਗੁਰਮੁੱਖ ਸਿੰਘ ਕਵੀਸ਼ਰ, ਭਾਈ ਕੁਲਜੀਤ ਸਿੰਘ ਢਾਡੀ, ਭਾਈ ਕੇਵਲ ਸਿੰਘ ਕਵੀਸ਼ਰ, ਭਾਈ ਬਖਸ਼ੀਸ਼ ਸਿੰਘ ਢਾਡੀ, ਭਾਈ ਜਸਪਾਲ ਸਿੰਘ ਕਵੀਸ਼ਰ, ਭਾਈ ਗੁਰਵਿੰਦਰ ਸਿੰਘ ਢਾਡੀ, ਭਾਈ ਨਿਸ਼ਾਨ ਸਿੰਘ ਕਵੀਸ਼ਰ, ਭਾਈ ਮਲਕੀਤ ਸਿੰਘ ਢਾਡੀ ਤੇ ਭਾਈ ਪਲਵਿੰਦਰ ਸਿੰਘ ਕਵੀਸ਼ਰੀ ਜਥੇ ਨੇ ਜਿਥੇ ਸੰਗਤ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ। ਜਦੋਂਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ, ਭਾਈ ਗੁਰਬਚਨ ਸਿੰਘ ਕਲਸੀਆਂ ਤੇ ਭਾਈ ਨੌਸ਼ੇਵਰਜੀਤ ਸਿੰਘ ਪਲਾਸੌਰ ਨੇ ਵੀ ਸੰਗਤ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ।
------
ਬਾਕਸ-
ਪਿੰਡਾਂ ਤੇ ਸ਼ਹਿਰ ’ਚ ਕਈ ਥਾਵਾਂ ’ਤੇ ਲੱਗੇ ਗੁਰੂ ਕੇ ਲੰਗਰ
ਮੱਸਿਆ ਦੇ ਦਿਹਾੜੇ ’ਤੇ ਗੁਰੂ ਘਰ ਆਉਣ ਵਾਲੀ ਸੰਗਤ ਦੀ ਟਹਿਲ ਸੇਵਾ ਵਾਸਤੇ ਤਰਨਤਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਜਿਥੇ ਸ਼ਰਧਾਲੂਆਂ ਨੇ ਗੁਰੂ ਕੇ ਲੰਗਰ ਲਗਾਏ। ਉਥੇ ਹੀ ਤਰਨਤਾਰਨ ਵੱਲ ਆਉਂਦੀਆਂ ਸੜਕਾਂ ’ਤੇ ਪੈਂਦੇ ਵੱਖ-ਵੱਖ ਪਿੰਡਾਂ ਦੇ ਸ਼ਰਧਾਲੂਆਂ ਵੱਲੋਂ ਆਪੋ-ਆਪਣੇ ਪਿੰਡਾਂ ਦੇ ਅੱਡਿਆਂ ’ਤੇ ਮਹੀਨਾਵਾਰੀ ਲੰਗਰ ਲਗਾਏ, ਤਾਂ ਜੋ ਗੁਰੂ ਘਰ ਜਾਣ ਵਾਲੀ ਸੰਗਤ ਨੂੰ ਲੰਗਰ ਛਕਾਏ ਜਾ ਸਕਣ। ਕਈ ਥਾਵਾਂ ’ਤੇ ਚਾਹ ਦੇ ਲੰਗਰ ਤੇ ਛਬੀਲਾਂ ਵੀ ਲਗਾਈਆਂ ਗਈਆਂ।
--------
ਬਾਕਸ-
ਚੌਦਸ ਤੇ ਮੱਸਿਆ ਦੇ ਦਿਹਾੜੇ ’ਤੇ ਕੀਤੇ ਜਾਂਦੇ ਹਨ ਵਿਸ਼ੇਸ਼ ਪ੍ਰਬੰਧ
ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੈਨੇਜਰ ਭਾਈ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਚੌਦਸ ਤੇ ਮੱਸਿਆ ਦੇ ਦਿਹਾੜੇ ਦਾ ਤਰਨਤਾਰਨ ’ਚ ਖਾਸ ਮਹੱਤਵ ਹੈ। ਦੋਵੇਂ ਦਿਨ ਗੁਰੂ ਘਰ ’ਚ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਸੰਗਤ ਦੀ ਵੱਡੀ ਆਮਦ ਦੇ ਚੱਲਦਿਆਂ ਹਰ ਤਰ੍ਹਾਂ ਦੇ ਪ੍ਰਬੰਧ ਵਿਸ਼ੇਸ਼ ਤਰੀਕੇ ਨਾਲ ਕੀਤੇ ਜਾਂਦੇ ਹਨ, ਤਾਂ ਜੋ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਸਮੂਹ ਸਟਾਫ ਵੱਲੋ ਚੌਦਸ ਤੇ ਮੱਸਿਆ ਦੇ ਦਿਹਾੜੇ ’ਤੇ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾਈਆਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਤਹਿ ਦਿਲੋਂ ਸਵਾਗਤ ਕੀਤਾ।