ਸਿਹਤ ਵਿਭਾਗ ਦੀ ਟੀਮ ਨੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬਾਰੇ ਜਾਣਕਾਰੀ ਦਿੱਤੀ
ਸਾਨੂੰ ਬਰਸਾਤੀ ਦਿਨਾਂ ’ਚ ਆਪਣੇ ਗਮਲਿਆਂ ਤੇ ਟੋਇਆਂ ’ਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ
Publish Date: Sat, 21 Mar 2026 03:59 PM (IST)
Updated Date: Sun, 22 Mar 2026 04:04 AM (IST)
ਲਵਦੀਪ ਦੇਵਗਨ,•ਪੰਜਾਬੀ ਜਾਗਰਣ, ਸਰਹਾਲੀ ਕਲਾਂ : ਡਾਕਟਰ ਸੁਖਮਨੀ ਕੌਰ ਇੰਚਾਰਜ ਸੀਐੱਚਸੀ ਸਰਹਾਲੀ ਦੀ ਅਗਵਾਈ ਹੇਠ ਪਿੰਡ ਸਰਹਾਲੀ ਕਲਾਂ ਵਿਖੇ ਵੱਖ-ਵੱਖ ਨਰਸਰੀਆਂ ’ਤੇ ਜਾ ਕੇ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਸਪ੍ਰੀਤ ਸਿੰਘ ਹੈਲਥ ਸੁਪਰਵਾਈਜ਼ਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਵੱਲੋਂ ਵੱਖ-ਵੱਖ ਨਰਸਰੀ ਮਾਲਕਾਂ ਤੇ ਉੱਥੇ ਕੰਮ ਕਰਨ ਵਾਲਿਆਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦੇ ਲੱਛਣਾਂ ਤੇ ਬਚਾਅ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਾਨੂੰ ਬਰਸਾਤੀ ਦਿਨਾਂ ’ਚ ਆਪਣੇ ਗਮਲਿਆਂ ਤੇ ਟੋਇਆਂ ’ਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਕਿਉਂਕਿ ਇਸ ਪਾਣੀ ’ਚ ਭਿਆਨਕ ਬਿਮਾਰੀਆਂ ਫੈਲਾਉਣ ਵਾਲੇ ਮੱਛਰ ਪੈਦਾ ਹੁੰਦੇ ਹਨ। ਇਸ ਮੌਕੇ ਹੈਲਥ ਵਰਕਰ ਜਸਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ’ਤੇ ਪਏ ਟੁੱਟੇ ਟਾਇਰਾਂ ’ਚ ਵੀ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਤੇ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ। ਇਸ ਮੌਕੇ ਹੈਲਥ ਵਰਕਰ ਗੁਰਪਵਿੱਤਰ ਸਿੰਘ ਨੇ ਦੱਸਿਆ ਕਿ ਜੇਕਰ ਤੁਹਾਨੂੰ ਤੇਜ਼ ਬੁਖਾਰ, ਤੇਜ਼ ਸਿਰਦਰਦ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ’ਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਜਲਦ ਇਲਾਜ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਸਾਨੂੰ ਰਾਤ ਸੌਣ ਸਮੇਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇ ਤੇਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ।