ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ ਤੇ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣਾ : ਚੇਅਰਮੈਨ ਉੱਪਲ
ਮਾਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਬੇਮਿਸਾਲ ਵਿਕਾਸ ਕਾਰਜ ਕੀਤੇ ਗਏ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਤਕ ਪਹੁੰਚ ਰਿਹਾ ਹੈ।
Publish Date: Sat, 04 Apr 2026 06:24 PM (IST)
Updated Date: Sun, 05 Apr 2026 04:07 AM (IST)
ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਪੰਜਾਬ ਸਰਕਾਰ ਦੀ ਜਨ ਸੰਪਰਕ ਮੁਹਿੰਮ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਤਹਿਤ ਹਲਕਾ ਪੱਟੀ ਦੇ ਪਿੰਡ ਬੋਪਾਰਾਏ ’ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਲੋਕਾਂ ਨਾਲ ਰਾਬਤਾ ਕੀਤਾ ਗਿਆ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਸਮਾਗਮ ਦੌਰਾਨ ਚੇਅਰਮੈਨ ਉੱਪਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਬੇਮਿਸਾਲ ਵਿਕਾਸ ਕਾਰਜ ਕੀਤੇ ਗਏ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਤਕ ਪਹੁੰਚ ਰਿਹਾ ਹੈ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਉੱਪਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ ਤੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਲਈ ਸੁਵਿਧਾਵਾਂ ’ਚ ਵਾਧਾ ਕੀਤਾ ਗਿਆ ਹੈ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਹਨ ਤੇ ਸਿੱਖਿਆ ਤੇ ਸਿਹਤ ਖੇਤਰ ’ਚ ਵੀ ਵੱਡੇ ਸੁਧਾਰ ਲਿਆਂਦੇ ਗਏ ਹਨ। ਚੇਅਰਮੈਨ ਨੇ ਕਿਹਾ ਕਿ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਨਾਲ’ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਰਕਾਰ ਦੇ ਕੰਮਾਂ ਬਾਰੇ ਜਾਣੂੰ ਕਰਵਾਉਣਾ ਤੇ ਉਨ੍ਹਾਂ ਨਾਲ ਸਿੱਧਾ ਸੰਪਰਕ ਬਣਾਉਣਾ ਹੈ। ਉਨ੍ਹਾਂ ਲੋਕਾਂ ਦਾ ਮਿਲ ਰਹੇ ਭਰਪੂਰ ਸਹਿਯੋਗ ਤੇ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੇ ਕੰਮਾਂ ਨੂੰ ਲੋਕਾਂ ਵੱਲੋਂ ਸਵੀਕਾਰਿਆ ਜਾ ਰਿਹਾ ਹੈ।
ਆਉਣ ਵਾਲੇ ਸਮੇਂ ’ਚ ਵੀ ਪੰਜਾਬ ਸਰਕਾਰ ਵੱਲੋਂ ਹੋਰ ਵੱਡੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ ਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਹੋਰ ਅੱਗੇ ਲਿਜਾਇਆ ਜਾ ਸਕੇ। ਸਮਾਗਮ ਦੌਰਾਨ ਪਿੰਡ ਵਾਸੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਤੇ ਕੁਝ ਸਥਾਨਕ ਮੁੱਦੇ ਚੇਅਰਮੈਨ ਦੇ ਧਿਆਨ ’ਚ ਲਿਆਂਦੇ ਗਏ, ਜਿਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ ਗਿਆ।
ਅੰਤ ’ਚ ਆਯੋਜਕਾਂ ਵੱਲੋਂ ਸਾਰੇ ਹਾਜ਼ਰ ਲੋਕਾਂ ਦਾ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਨੂੰ ਸਰਕਾਰ ਦੀਆਂ ਨੀਤੀਆਂ ਨਾਲ ਜੁੜ ਕੇ ਵਿਕਾਸ ਦੇ ਇਸ ਸਫ਼ਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ।