ਨਗਰ ਕੌਂਸਲ ਪੱਟੀ ਦੀਆਂ ਚੋਣਾਂ ਆਮ ਆਦਮੀ ਪਾਰਟੀ ਮੰਤਰੀ ਭੁੱਲਰ ਦੀ ਅਗਵਾਈ ਹੇਠ ਸ਼ਾਨ ਨਾਲ ਜਿੱਤੇਗੀ : ਬਲਾਕ ਪ੍ਰਧਾਨ
ਪਾਰਟੀ ਦੀਆਂ ਮੀਟਿੰਗਾਂ ਨੂੰ ਲੋਕਾਂ ਵੱਲੋਂ ਭਰਪੂਰ ਸਮੱਰਥਨ ਮਿਲ ਰਿਹਾ ਹੈ ਅਤੇ ਨੌਜਵਾਨ ਵਰਗ ਵੀ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਿਹਾ ਹੈ।
Publish Date: Sat, 02 May 2026 06:23 PM (IST)
Updated Date: Sun, 03 May 2026 04:12 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਨਗਰ ਕੌਂਸਲ ਪੱਟੀ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਚੋਣ ਮੈਦਾਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਵੀ ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਅਤੇ ਵਰਕਰ ਮਿਲਣੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਬਲਾਕ ਪ੍ਰਧਾਨਾਂ ਨੇ ਵਿਸ਼ਵਾਸ ਜਤਾਇਆ ਹੈ ਕਿ ਪੱਟੀ ਨਗਰ ਕੌਂਸਲ ਦੀਆਂ ਚੋਣਾਂ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪਾਰਟੀ ਜਿੱਤੇਗੀ। ਇਸ ਸਬੰਧੀ ਗੁਰਪਰਿੰਦਰ ਸਿੰਘ ਉਪਲ, ਵਿਨੋਦ ਕੁਮਾਰ ਖੰਨਾ ਤੇ ਰਾਜਨਪ੍ਰੀਤ ਸਿੰਘ ਸੱਗੂ, ਬਲਾਕ ਪ੍ਰਧਾਨ ਪੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਲੋਕ ਹਿੱਤਾਂ ਦੀ ਰਾਜਨੀਤੀ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਕਰ ਕੇ ਪਾਰਟੀ ਦੀ ਲੋਕਪ੍ਰਿਯਤਾ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੱਟੀ ਹਲਕੇ ਦੇ ਲੋਕ ਵੀ ਪਾਰਟੀ ਦੀਆਂ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹਨ ਤੇ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਭਾਰੀ ਸਮੱਰਥਨ ਮਿਲੇਗਾ। ਆਗੂਆਂ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਸਬੰਧੀ ਵੱਖ-ਵੱਖ ਵਾਰਡਾਂ ’ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਚੋਣ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਤਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਪੂਰੀ ਤਰ੍ਹਾਂ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਹਰ ਵਾਰਡ ’ਚ ਮਜ਼ਬੂਤ ਟੀਮਾਂ ਬਣਾਈਆਂ ਜਾ ਰਹੀਆਂ ਹਨ। ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਤਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਉਤਰਨਾ ਹੈ। ਬਲਾਕ ਪ੍ਰਧਾਨਾਂ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਵਿਕਾਸ ਲਈ ਕਈ ਅਹਿਮ ਕੰਮ ਕਰਵਾਏ ਹਨ। ਸੜਕਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੇ ਖੇਤਰ ਵਿਚ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਭੁੱਲਰ ਦੀ ਅਗਵਾਈ ਅਤੇ ਲੋਕਾਂ ਨਾਲ ਨਜ਼ਦੀਕੀ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵੱਲੋਂ ਵੀ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ। ਉਹ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰ ਰਹੇ ਹਨ। ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਪੱਟੀ ਸ਼ਹਿਰ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਵਿਕਾਸ ਅਤੇ ਸਾਫ਼ ਸੁਥਰੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਫੈਸਲਿਆਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ, ਜਿਸ ਦਾ ਪ੍ਰਭਾਵ ਨਗਰ ਕੌਂਸਲ ਚੋਣਾਂ ਵਿਚ ਵੀ ਸਾਫ਼ ਤੌਰ ’ਤੇ ਵੇਖਣ ਨੂੰ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਹਰ ਵਾਰਡ ਵਿਚ ਮਜ਼ਬੂਤ ਅਤੇ ਇਮਾਨਦਾਰ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾਣਗੇ, ਜੋ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰ ਸਕਣ। ਚੋਣਾਂ ਦੌਰਾਨ ਵਿਕਾਸ, ਸਫ਼ਾਈ, ਪੀਣ ਵਾਲਾ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਨਗਰ ਕੌਂਸਲ ਨਾਲ ਜੁੜੇ ਮੁੱਦੇ ਪ੍ਰਮੁੱਖ ਤੌਰ ’ਤੇ ਲੋਕਾਂ ਸਾਹਮਣੇ ਰੱਖੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਰਟੀ ਦੀਆਂ ਮੀਟਿੰਗਾਂ ਨੂੰ ਲੋਕਾਂ ਵੱਲੋਂ ਭਰਪੂਰ ਸਮੱਰਥਨ ਮਿਲ ਰਿਹਾ ਹੈ ਅਤੇ ਨੌਜਵਾਨ ਵਰਗ ਵੀ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਹੋਰ ਵੱਡੇ ਪੱਧਰ ’ਤੇ ਵਰਕਰ ਮੀਟਿੰਗਾਂ ਅਤੇ ਜਨ ਸਭਾਵਾਂ ਕੀਤੀਆਂ ਜਾਣਗੀਆਂ ਤਾਂ ਜੋ ਚੋਣੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕਜੁੱਟ ਹੋ ਕੇ ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲੜੇਗੀ ਤੇ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕ ਸੇਵਾ ਹੈ ਅਤੇ ਪੱਟੀ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।