ਹੜ੍ਹਾਂ ਦੇ ਚੱਲਦਿਆਂ ਜਥੇਬੰਦੀ ਨੇ 5 ਸਤੰਬਰ ਦੀ ਭੁੱਖ ਹੜਤਾਲ ਕੀਤੀ ਮੁਲਤਵੀ
ਦੋਵਾਂ ਆਗੂਆਂ ਨੇ ਸਮੁੱਚੇ ਮੁਲਾਜ਼ਮਾਂ ਨੂੰ ਹੜ੍ਹ ਪੀੜਤਾਂ ਦਾ ਹਰ ਪੱਖੋਂ ਮੱਦਦ ਕਰਨ ਦੀ ਅਪੀਲ ਕੀਤੀ।
Publish Date: Wed, 03 Sep 2025 05:41 PM (IST)
Updated Date: Thu, 04 Sep 2025 04:02 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੌਰ ’ਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਇਕ ਰੋਜ਼ਾ ਭੁੱਖ ਹੜਤਾਲ ਦਾ ਪ੍ਰੋਗਰਾਮ ਦਿੱਤਾ ਗਿਆ ਸੀ, ਕਿਉਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਕਾਰਨ ਹਾਲਾਤ ਸੁਖਾਵੇਂ ਨਹੀਂ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ। ਇਸ ਕਰ ਕੇ ਇਨ੍ਹਾਂ ਸਾਰੇ ਹਾਲਾਤਾਂ ਨੂੰ ਧਿਆਨ ’ਚ ਰੱਖਦਿਆਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਹੈੱਡ ਕੁਆਰਟਰਾਂ ਉੱਪਰ ਇਕ ਰੋਜ਼ਾ ਭੁੱਖ ਹੜਤਾਲ ਦਾ ਪ੍ਰੋਗਰਾਮ ਮੁਲਤਵੀ ਕਰ ਕੇ ਪਹਿਲੀ ਅਕਤੂਬਰ ਨੂੰ ਕੀਤਾ ਜਾਂਦਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਤੇ ਪ੍ਰਭਜੋਤ ਸਿੰਘ ਗੋਹਲਵੜ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਦੀ ਲੜਾਈ ਤਾਂ ਅਸੀ ਪਿਛਲੇ ਲੰਮੇ ਸਮੇਂ ਤੋਂ ਲੜ ਰਹੇ ਹਾਂ, ਪਰ ਹੁਣ ਸਾਡਾ ਇਖਲਾਕੀ ਫ਼ਰਜ਼ ਬਣਦਾ ਹੈ ਕਿ ਅਸੀਂ ਕੁਦਰਤੀ ਆਫ਼ਤ ਨਾਲ ਪੈਦਾ ਹੋਏ ਮਾੜੇ ਹਾਲਾਤਾਂ ਨਾਲ਼ ਲੜੀਏ ਤੇ ਇਸ ਕੁਦਰਤੀ ਮਾਰ ਹੇਠ ਆਏ ਆਪਣੇ ਲੋਕਾਂ ਨਾਲ ਤਨ ਮਨ ਧਨ ਨਾਲ ਖੜ੍ਹੀਏ ਤੇ ਮੌਜੂਦਾ ਹਾਲਾਤਾਂ ਦਾ ਇਕਜੁਟ ਹੋ ਕੇ ਮੁਕਾਬਲਾ ਕਰੀਏ। ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਕਰ ਕੇ ਲਾਗੂ ਕਰਨ ’ਚ ਤੇ ਹੁਣ ਡੈਮਾਂ ਦਾ ਸੁਚੱਜਾ ਪ੍ਰਬੰਧ ਨਾ ਕਰਨ ’ਚ ਫੇਲ੍ਹ ਸਾਬਤ ਹੋਈ ਹੈ। ਦੋਵਾਂ ਆਗੂਆਂ ਨੇ ਸਮੁੱਚੇ ਮੁਲਾਜ਼ਮਾਂ ਨੂੰ ਹੜ੍ਹ ਪੀੜਤਾਂ ਦਾ ਹਰ ਪੱਖੋਂ ਮੱਦਦ ਕਰਨ ਦੀ ਅਪੀਲ ਕੀਤੀ।