ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਕੰਵਲਜੀਤ ਸਿੰਘ ਬਾਜਵਾ ਵੱਲੋਂ ਜ਼ਿਲ੍ਹਾ ਪੱਧਰ ਤੇ ਸਬ-ਡਵੀਜ਼ਨ ਪੱਧਰ ’ਤੇ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ 9 ਮਈ ਨੂੰ ਲਾਈ ਜਾ ਰਹੀ ਹੈ। ਇਸ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਕਿਰਨ ਜੋਤੀ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਆਦੇਸ਼ ਦਿੱਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ ਤੇ ਅਦਾਲਤਾਂ ’ਚ ਚੱਲ ਰਹੇ ਫ਼ੌਜਦਾਰੀ, ਰਾਜ਼ੀਨਾਮੇ-ਯੋਗ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ’ਚ ਸਮਝੌਤੇ ਰਾਹੀਂ ਰਾਜ਼ੀਨਾਮਾ ਕਰਨ ਲਈ ਆਪਣੇ ਕੇਸ ਲੋਕ ਅਦਾਲਤ ’ਚ ਲਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ, ਸ਼ਹਿਰਾਂ, ਸਕੂਲਾਂ ਤੇ ਕਾਲਜਾਂ ਆਦਿ ’ਚ ਸੈਮੀਨਾਰ ਲਗਵਾ ਕੇ ਲੋਕਾਂ ਨੂੰ ਲੋਕ ਅਦਾਲਤ ’ਚ ਕੇਸ ਲਾਉਣ ਨਾਲ ਮਿਲਣ ਵਾਲੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਕਾਨੂੰਨੀ ਸੇਵਾਵਾਂ ਤੇ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ, ਉਹ ਸਰਕਾਰ ਵੱਲੋਂ ਮਿਲਣ ਵਾਲੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ ਤੇ ਵਾਰ-ਵਾਰ ਅਦਾਲਤਾਂ ਦੇ ਚੱਕਰ ਲਾਉਣ ਤੋਂ ਵੀ ਛੁਟਕਾਰਾ ਮਿਲ ਜਾਵੇਗਾ।
ਇਸ ਲੋਕ ਅਦਾਲਤ ਸਬੰਧੀ ਪੀਐੱਲਵੀਜ਼ ਵੱਲੋਂ ਜਨਤਕ ਥਾਵਾਂ 'ਤੇ ਬੈਨਰ ਲਾ ਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਸਥਾਈ ਲੋਕ ਅਦਾਲਤ ‘ਜਨ ਉਪਯੋਗੀ ਸੇਵਾਵਾਂ’ ਦਾ ਲਾਭ ਲੈਣ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਵੀ ਸਮੇਂ-ਸਮੇਂ ’ਤੇ ਨਿਯਮ ਜਾਰੀ ਕੀਤੇ ਜਾਂਦੇ ਹਨ, ਤਾਂ ਜੋ ਲੋਕ ਜਨ ਉਪਯੋਗੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
ਉਨ੍ਹਾਂ ਅੱਗੇ ਦੱਸਿਆ ਕਿ ਸਥਾਈ ਲੋਕ ਅਦਾਲਤ ’ਚ ਸੈਕਸ਼ਨ ਆਫ ਲੀਗਲ ਸਰਵਿਸਿਜ਼ ਅਥਾਰਟੀ ਐਕਟ, 1987 ਅਨੁਸਾਰ ਵੱਖ-ਵੱਖ ਜਨ ਉਪਯੋਗੀ ਸੇਵਾਵਾਂ, ਜਿਵੇ ਕਿ ਟਰਾਂਸਪੋਰਟ ਸੇਵਾਵਾਂ, ਡਾਕ ਟੈਲੀਗ੍ਰਾਮ, ਟੈਲੀਫੋਨ, ਹਸਪਤਾਲ ਜਾਂ ਡਿਸਪੈਂਸਰੀ ਸੇਵਾਵਾਂ, ਬੀਮਾ ਸੇਵਾਵਾਂ, ਬੈਕਿੰਗ ਸੇਵਾਵਾਂ, ਸਿੱਖਿਆ ਸੇਵਾਵਾਂ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਵਿਕਟਮ ਕੰਪਨਸ਼ੇਸ਼ਨ ਆਦਿ ਬਾਰੇ ਕੇਸ ਲਾਏ ਜਾਂਦੇ ਹਨ ਤੇ ਉਨ੍ਹਾਂ ਦਾ ਬਹੁਤ ਘੱਟ ਸਮੇਂ ’ਚ ਨਿਪਟਾਰਾ ਕੀਤਾ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਿੰਟ ਮੀਡੀਆ ਰਾਹੀਂ ਹਰ ਤਰੀਕੇ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਇਨਸਾਨ ਲੋਕ ਅਦਾਲਤ ਦਾ ਲਾਭ ਉਠਾਉਣ ਤੋਂ ਵਾਂਝਾ ਨਾ ਰਹਿ ਸਕੇ ਤੇ ਹਰ ਕੋਈ ਸਰਕਾਰ ਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾ ਸਕੇ।