ਜਸਪਾਲ ਸਿੰਘ ਜੱਸੀ, ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਪੁਰਾਤਨ ਦਰਸ਼ਨੀ ਡਿਓੜੀ ਦੀ ਮੁਰੰਮਤ ਦਾ ਕਾਰਜ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੋਰ ਮੈਂਬਰਾਂ ਅਤੇ ਸੰਗਤ ਸਮੇਤ ਇੱਟ ਲਗਾ ਕੇ ਸ਼ੁਰੂ ਕਰਵਾ ਦਿੱਤਾ ਹੈ। ਇਸ ਤੋਂ ਪਹਿਲਾਂ ਦੀਵਾਨ ਹਾਲ ਵਿਚ ਗੁਰਮਤਿ ਸਮਾਗਮ ਹੋਇਆ ਅਤੇ ਡਿਓੜੀ ਦੀ ਮੁਰੰਮਤ ਲਈ ਅਰਦਾਸ ਕੀਤੀ ਗਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਦੱਸਿਆ ਕਿ ਦਰਸ਼ਨੀ ਡਿਓੜੀ ਦੇ ਨਿਰਮਾਣ ਵਿਚ ਦੋ ਸਾਲ ਤਕ ਚੱਲੀ ਕੋਰੋਨਾ ਲਹਿਰ ਅਤੇ ਹੋਰ ਕਾਰਨਾਂ ਕਰਕੇ ਦੇਰੀ ਜਰੂਰ ਹੋਈ ਹੈ, ਪਰ ਹੁਣ ਇਸ ਨੂੰ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਹੂ ਬ ਹੂ ਪੁਰਾਤਨ ਦਿੱਖ ਨਾਲ ਮੁਰੰਮਤ ਕਰਵਾਉਣ ਜਾ ਰਹੀ ਹੈ। ਜਿਸਦੇ ਲਈ ਟੈਂਡਰ ਪ੍ਰਕਿਰਿਆ ਨੂੰ ਅਪਣਾਇਆ ਗਿਆ ਸੀ ਅਤੇ ਡਿਓੜੀ ਨੂੰ 78 ਲੱਖ ਰੁਪਏ ’ਚ ਮੁਕੰਮਲ ਕਰਨ ਦਾ ਕਾਰਜ ਗਗਨਦੀਪ ਹੈਰੀਟੇਜ਼ ਕੰਸਟਰਕਸ਼ਨ ਕੰਪਨੀ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਮਾਰਤੀ ਵਿਭਾਗ ਦੇ ਅਧਿਕਾਰੀਆਂ ਦੀ ਜਿੰਮੇਵਾਰੀ ਲਗਾਈ ਗਈ ਹੈ ਕਿ ਡਿਓੜੀ ਦੀ ਪਹਿਲਾਂ ਦੀ ਤਰ੍ਹਾਂ ਹੀ ਇੰਨ ਬਿੰਨ ਮੁਰੰਮਤ ਕਰਵਾਈ ਜਾਵੇ। ਇਸਦੇ ਲਈ ਡਿਓੜੀ ਦਾ ਨਕਸ਼ਾ ਵੀ ਤਿਆਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਦੀਵਾਨ ਹਾਲ ਵਿਚ ਸਜਾਏ ਗਏ ਧਾਰਮਿਕ ਸਮਾਗਮ ਵਿਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਸਮੂਹ ਮੈਂਬਰਾਂ ਅਤੇ ਕਮੇਟੀ ਦੇ ਅਧਿਕਾਰੀਆਂ ਨੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਦੌਰਾਨ ਬੋਲਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਫਸੇ 160 ਲੋਕਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਯਾਤਰਾ ਦਾ ਖਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਕੇਗੀ। ਜਦੋਂਕਿ ਅਫਗਾਨ ਏਅਰਲਾਈਨ ਦੇ ਜਹਾਜ 36-36 ਕਰਕੇ ਉਥੇ ਫਸੇ ਲੋਕਾਂ ਨੂੰ ਭਾਰਤ ਲਿਆਉਣਗੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਬਲਵਿੰਦਰ ਸਿੰਘ ਵੇਂਈਪੂੰਈ, ਖੁਸ਼ਵਿੰਦਰ ਸਿੰਘ ਭਾਟੀਆ, ਹਰਜਿੰਦਰ ਕੌਰ, ਅਮਰਜੀਤ ਸਿੰਘ ਬੰਡਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪਨੂੰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ, ਵੱਖ ਵੱਖ ਧਾਰਮਿਕ ਸਭਾ ਸੁਸਾਇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ’ਚ ਸੰਗਤ ਵੀ ਮੌਜੂਦ ਸੀ।

Posted By: Sarabjeet Kaur