ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀ ਜਿੱਤ ਨੇ 2027 ਦਾ ਸੰਕੇਤ ਦਿੱਤਾ : ਸਰਪੰਚ ਗੁਰਲਾਲ ਸਿੰਘ
ਇਸ ਵਾਰ ਪੰਜਾਬ ਵਿਚ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਹੋਈਆਂ ਹਨ, ਜਿਸ ਵਿਚ ਲੋਕਾਂ ਨੇ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਖੁੱਲ੍ਹ ਕੇ ਸਮਰਥਨ ਦਿੱਤਾ।
Publish Date: Sat, 30 May 2026 06:46 PM (IST)
Updated Date: Sun, 31 May 2026 04:03 AM (IST)

ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀ ਜਿੱਤ ਨੇ 2027 ਦਾ ਸੰਕੇਤ ਦਿੱਤਾ : ਸਰਪੰਚ ਗੁਰਲਾਲ ਸਿੰਘ ਪੰਜਾਬ ਦੇ ਲੋਕ ਵਿਕਾਸ ਅਤੇ ਇਮਾਨਦਾਰ ਸਰਕਾਰ ਦੇ ਨਾਲ ਖੜ੍ਹੇ, ਮੁੜ ਬਣੇਗੀ ਆਪ ਸਰਕਾਰ ਭਿੱਖੀਵਿੰਡ ਨਗਰ ਪੰਚਾਇਤ ਵਿਚ ਸੱਤ ਵਾਰਡਾਂ ਦੀ ਜਿੱਤ ਨਾਲ ਵਿਰੋਧੀਆਂ ਦਾ ਹੰਕਾਰ ਟੁੱਟਿਆ ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ, ਵਲਟੋਹਾ : ਪੂਰੇ ਪੰਜਾਬ ਵਿਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਦਰਜ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁੱਖੀ ਸੋਚ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਭਗਵਾਨਪੁਰਾ ਕਲਾਂ ਦੇ ਸਰਪੰਚ ਗੁਰਲਾਲ ਸਿੰਘ ਨੇ ਕਰਦਿਆਂ ਕਿਹਾ ਕਿ ਇਹ ਨਤੀਜੇ ਸਾਫ਼ ਸੰਕੇਤ ਦੇ ਰਹੇ ਹਨ ਕਿ ਸਾਲ 2027 ਵਿਚ ਪੰਜਾਬ ਵਿਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਸਰਪੰਚ ਗੁਰਲਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਆਮ ਆਦਮੀ ਪਾਰਟੀ ਉੱਤੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਅਤੇ ਉਹ ਇਮਾਨਦਾਰ ਅਤੇ ਲੋਕ-ਕੇਂਦਰਿਤ ਸਰਕਾਰ ਨੂੰ ਤਰਜੀਹ ਦੇ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਆਮ ਲੋਕ ਕਾਫੀ ਪ੍ਰਭਾਵਿਤ ਹਨ। ਇਸੇ ਕਰਕੇ ਪੰਜਾਬ ਦੇ ਹਰ ਵਰਗ ਵੱਲੋਂ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ। ਸਰਪੰਚ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਿੱਤਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰ ਰਹੀ ਹੈ। ਸਰਪੰਚ ਗੁਰਲਾਲ ਸਿੰਘ ਨੇ ਕਿਹਾ ਕਿ ਹਲਕਾ ਖੇਮਕਰਨ ਅਧੀਨ ਆਉਂਦੇ ਨਗਰ ਪੰਚਾਇਤ ਭਿੱਖੀਵਿੰਡ ਵਿਚ ਵੀ ਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਸੱਤ ਵਾਰਡਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਵਿਰੋਧੀ ਧਿਰਾਂ ਦਾ ਹੰਕਾਰ ਭੰਨਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ ਅਤੇ ਲੋਕਾਂ ਨੇ ਵਿਕਾਸ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਵੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਜਾਂ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਮਾਹੌਲ ਬਣਿਆ ਰਹਿੰਦਾ ਸੀ। ਚੋਣਾਂ ਦੌਰਾਨ ਲੋਕਾਂ ਉੱਤੇ ਦਬਾਅ ਬਣਾਇਆ ਜਾਂਦਾ ਸੀ ਅਤੇ ਕਈ ਵਾਰ ਨਿਰਪੱਖ ਚੋਣਾਂ ਵੀ ਨਹੀਂ ਹੋਣ ਦਿੱਤੀਆਂ ਜਾਂਦੀਆਂ ਸਨ। ਪਰ ਇਸ ਵਾਰ ਪੰਜਾਬ ਵਿਚ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਹੋਈਆਂ ਹਨ, ਜਿਸ ਵਿਚ ਲੋਕਾਂ ਨੇ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਖੁੱਲ੍ਹ ਕੇ ਸਮਰਥਨ ਦਿੱਤਾ। ਅੰਤ ਵਿਚ ਸਰਪੰਚ ਗੁਰਲਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਵਿਚ ਆਪਣਾ ਜਾਦੂ ਬਖੇਰਦਿਆਂ ਇਹ ਸਾਬਿਤ ਕਰ ਦਿੱਤਾ ਹੈ ਕਿ ਲੋਕ ਹੁਣ ਵਿਕਾਸ, ਇਮਾਨਦਾਰੀ ਅਤੇ ਬਦਲਾਅ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ।