ਵੇਅਰਹਾਊਸ ਅਧਿਕਾਰੀ ਖ਼ੁਦਕੁਸ਼ੀ ਮਾਮਲਾ: ਕਾਂਗਰਸੀਆਂ ਨੇ ਸਾਬਕਾ ਮੰਤਰੀ ਭੁੱਲਰ ਦੇ ਘਰ ਮੂਹਰੇ ਲਾਇਆ ਧਰਨਾ; ਗ੍ਰਿਫ਼ਤਾਰੀ ਦੀ ਕੀਤੀ ਮੰਗ
ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਸਾਬਕਾ ਮੰਤਰੀ ਭੁੱਲਰ ਅਤੇ ਹੋਰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
Publish Date: Mon, 23 Mar 2026 02:02 PM (IST)
Updated Date: Mon, 23 Mar 2026 02:04 PM (IST)
ਜਾਗਰਣ ਸੰਵਾਦਦਾਤਾ, ਤਰਨਤਾਰਨ: ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਐੱਮ.ਡੀ. ਡਾ. ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਪੱਟੀ ਸ਼ਹਿਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਵਾਸ ਅੱਗੇ ਧਰਨਾ ਦਿੱਤਾ ਗਿਆ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਸਾਬਕਾ ਮੰਤਰੀ ਭੁੱਲਰ ਅਤੇ ਹੋਰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਸਿੱਧੂ, ਹਰਪ੍ਰੀਤ ਸਿੰਘ ਸੰਧੂ ਅਤੇ ਦਲਬੀਰ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜਾਣਬੁੱਝ ਕੇ ਲਾਪਰਵਾਹੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭੁੱਲਰ ਵੱਲੋਂ ਮੰਤਰੀ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਮਹਿਜ਼ ਇੱਕ ਸਿਆਸੀ ਡਰਾਮਾ ਹੈ। ਹੈਰਾਨੀ ਦੀ ਗੱਲ ਹੈ ਕਿ ਅਜੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।