- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਹੋਣ ਵਾਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ

ਸਟਾਫ਼ ਰਿਪੋਰਟਰ•,ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫ਼ਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।
ਸਮਾਗਮ ’ਚ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਤੇ ਸੰਗਤੀ ਰੂਪ ’ਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਹੁੰਦਾ ਹੈ ਤੇ ਹਰ ਹਫ਼ਤੇ ਇੱਥੇ ਵੱਡੀ ਗਿਣਤੀ ਸੰਗਤ ਹਾਜ਼ਰੀ ਭਰਨ ਲਈ ਪਹੁੰਚਦੀ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਤੇ ਹੋਰ ਅਹੁਦੇਦਾਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਨਾਲ ਆਸ-ਪਾਸ ਦੇ ਇਲਾਕਿਆਂ ਤੋਂ ਵੀ ਸੰਗਤ ਇੱਥੇ ਪਹੁੰਚਦੀ ਹੀ ਹੈ। ਨਾਲ ਹੀ ਪਿੰਡਾਂ ਤੋਂ ਵੀ ਸ਼ਰਧਾਲੂ ਚੁਪਹਿਰਾ ਸਮਾਗਮ ’ਚ ਹਾਜ਼ਰੀ ਭਰਨ ਲਈ ਪਹੁੰਚਦੇ ਹਨ।
ਜਿਨ੍ਹਾਂ ਦੀ ਸਹੂਲਤ ਲਈ ਦੀਵਾਨ ਹਾਲ ’ਚ ਜਿੱਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉੱਥੇ ਹੀ ਗੁਰੂ ਕੇ ਲੰਗਰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਹੁੰਦੇ ਹਨ। ਸਾਰਾ ਦਿਨ ਛਬੀਲ ਦਾ ਪ੍ਰਬੰਧ ਸ਼ਰਧਾਲੂਆਂ ਵੱਲੋਂ ਕੀਤਾ ਜਾਂਦਾ ਹੈ ਤੇ ਜੋੜਾ ਘਰ ਸੇਵਕ ਜਥੇ ਦੀ ਸੰਗਤ ਤਨਦੇਹੀ ਨਾਲ ਸੇਵਾ ਨਿਭਾਉਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਹੋਣ ਵਾਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ ਤੇ ਅਰਦਾਸ ਉਪਰੰਤ ਚੁਪਹਿਰਾ ਸਮਾਗਮ ਦੀ ਸਮਾਪਤੀ ਹੁੰਦੀ ਹੈ। ਸਰਦੀ ਹੋਵੇ ਜਾ ਗਰਮੀ, ਸੰਗਤ ਸਮਾਗਮ ਦੌਰਾਨ ਹਾਜ਼ਰੀ ਭਰਨ ਲਈ ਗੁਰੂ ਘਰ ਜ਼ਰੂਰ ਪੁੱਜਦੀ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖ਼ਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿੱਥੇ ਮੌਜੂਦ ਸਨ। ਉੱਥੇ ਹੀ ਵੱਡੀ ਗਿਣਤੀ ਸੇਵਾਦਾਰਾਂ ਨੇ ਜੋੜਾ ਘਰ ਤੇ ਛਬੀਲ ਤੋਂ ਇਲਾਵਾ ਪਾਰਕਿੰਗ ’ਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ।
======
ਗੁਰੂ ਘਰ ’ਚ ਚੱਲ ਰਹੀਆਂ ਹਨ ਕਈ ਸੇਵਾਵਾਂ : ਪੱਡਾ
ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹੋਣ ਵਾਲੇ ਚੁਪਹਿਰਾ ਸਮਾਗਮ ’ਚ ਸੰਗਤ ਦੀ ਵਧ ਰਹੀ ਆਮਦ ਨੂੰ ਧਿਆਨ ’ਚ ਰੱਖਦਿਆਂ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਵਿਸਥਾਰ ਤੇ ਵਿਕਾਸ ਲਈ ਕਈ ਸੇਵਾਵਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਸੰਗਤ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਚੱਲ ਰਹੀਆਂ ਸੇਵਾਵਾਂ ’ਚ ਵੱਧ-ਚੜ੍ਹ ਕੇ ਸਹਿਯੋਗ ਦੇਣ।