ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਕਾਬੂ ਕੀਤੇ ਗਏ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਕੇਪੀ ਗਿੱਲ•,ਪੰਜਾਬੀ ਜਾਗਰਣ, ਕੈਰੋਂ : ਇਲਾਕੇ ਵਿਚ ਵੱਧ ਰਹੀਆਂ ਚੋਰੀਆਂ ਅਤੇ ਨਸ਼ੇ ਨਾਲ ਜੁੜੇ ਮਾਮਲਿਆਂ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਤਾਜ਼ਾ ਮਾਮਲੇ ਵਿਚ ਪਿੰਡ ਲੋਹੁਕਾ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਪਿੰਡ ਬਾਹਮਣੀਵਾਲਾ ਵਿਚ ਕਥਿਤ ਤੌਰ ’ਤੇ ਚੋਰੀ ਕਰਦੇ ਸਮੇਂ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ। ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਕਾਬੂ ਕੀਤੇ ਗਏ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੇ ਕਥਿਤ ਤੌਰ 'ਤੇ ਪਿੰਡ ਬਾਹਮਣੀਵਾਲਾ ਦੇ ਵਸਨੀਕ ਬਾਜ ਸਿੰਘ ਦੇ ਘਰ ਕੰਧ ਰਾਂਹੀ ਦਾਖ਼ਲ ਹੋ ਕੇ ਕੀਮਤੀ ਸਾਮਾਨ ਤੇ ਕੁਝ ਨਕਦੀ ਚੋਰੀ ਕਰ ਲਈ। ਜਿਸਤੋਂ ਬਾਅਦ ਉਹ ਗੁਆਂਢ ਰਹਿੰਦੇ ਨੰਦ ਸਿੰਘ ਦੇ ਘਰ ਵਿਚ ਵੀ ਚੋਰੀ ਦੀ ਨੀਅਤ ਨਾਲ ਦਾਖਲ ਹੋ ਗਿਆ, ਪਰ ਘਰ ਦੇ ਮੈਂਬਰਾਂ ਦੀ ਚੌਕਸੀ ਕਾਰਨ ਉਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਪਿੰਡ ਵਾਸੀਆਂ ਵੱਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਕਥਿਤ ਤੌਰ 'ਤੇ ਆਪਣੇ ਨਾਲ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਾ ਦਿਖਾਈ ਦੇ ਰਿਹਾ ਹੈ।
ਵੀਡੀਓ ਵਿਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੇ ਨਸ਼ਾ ਖਰੀਦਣ ਵਾਲੇ ਸਰੋਤਾਂ ਅਤੇ ਚੋਰੀ ਦਾ ਸਾਮਾਨ ਖਰੀਦਣ ਵਾਲੇ ਕੁਝ ਲੋਕਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਅਧਿਕਾਰਕ ਪੁਸ਼ਟੀ ਅਜੇ ਪੁਲਿਸ ਵੱਲੋਂ ਨਹੀਂ ਕੀਤੀ ਗਈ। ਬਾਅਦ ਵਿਚ ਪਿੰਡ ਵਾਸੀਆਂ ਨੇ ਕਾਬੂ ਕੀਤੇ ਗਏ ਨੌਜਵਾਨ ਨੂੰ ਪੁਲਿਸ ਚੌਕੀ ਕੈਰੋਂ ਦੇ ਹਵਾਲੇ ਕਰ ਦਿੱਤਾ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਚੋਰੀ ਹੋਏ ਸਾਮਾਨ ਦੀ ਬਰਾਮਦਗੀ ਸਮੇਤ ਹੋਰ ਸੰਭਾਵਿਤ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਸ਼ੇ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਤੋਂ ਸਿਰਫ਼ ਦੋ ਦਿਨ ਪਹਿਲਾਂ ਹੀ ਨੇੜਲੇ ਪਿੰਡ ਉਬੋਕੇ ਵਿਚ ਵੀ ਕਈ ਘਰਾਂ ਵਿਚ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।
ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਗਸ਼ਤ ਵਧਾਉਣ, ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਚੋਰੀਆਂ 'ਤੇ ਨਕੇਲ ਕੱਸਣ ਦੀ ਮੰਗ ਕੀਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਜਾਂਚ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ 'ਤੇ ਕਿਨ੍ਹੀਂ ਤੇਜ਼ੀ ਅਤੇ ਗੰਭੀਰਤਾ ਨਾਲ ਕਾਰਵਾਈ ਕਰਦੀ ਹੈ ਅਤੇ ਕੀ ਇਸ ਮਾਮਲੇ ਰਾਹੀਂ ਇਲਾਕੇ ਵਿਚ ਸਰਗਰਮ ਚੋਰੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਤੱਥ ਵੀ ਬੇਨਕਾਬ ਹੁੰਦੇ ਹਨ ਜਾਂ ਨਹੀਂ।
=====
ਤੱਥਾਂ ਮੁਤਾਬਿਕ ਕੀਤੀ ਜਾਵੇਗੀ ਕਾਰਵਾਈ: ਡੀਐੱਸਪੀ ਰਵੀਸ਼ੇਰ ਸਿੰਘ
ਇਸ ਸਬੰਧੀ ਜਦੋਂ ਡੀਐੱਸਪੀ ਪੱਟੀ ਰਵੀਸ਼ੇਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਾਬੂ ਕੀਤੇ ਗਏ ਕਥਿਤ ਚੋਰ ਦੇ ਮਾਮਲੇ ਬਾਰੇ ਉਨ੍ਹਾਂ ਦੇ ਧਿਆਨ ਵਿਚ ਅਜੇ ਤਕ ਕੋਈ ਜਾਣਕਾਰੀ ਨਹੀਂ ਸੀ, ਪਰ ਹੁਣ ਮਾਮਲੇ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਵੀਡੀਓ ਵਿਚ ਸਾਹਮਣੇ ਆ ਰਹੇ ਤੱਥਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਡੀਐੱਸਪੀ ਨੇ ਦੱਸਿਆ ਕਿ ਵੀਡੀਓ ਵਿਚ ਜਿਸ ਵਿਅਕਤੀ ਦਾ ਨਾਂ ਨਸ਼ਾ ਤਸਕਰ ਵਜੋਂ ਲਿਆ ਜਾ ਰਿਹਾ ਹੈ, ਉਸ ਖ਼ਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ ਦਾ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਉਸ ਨੂੰ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਤੱਥ ਨੂੰ ਅਣਡਿੱਠਾ ਨਹੀਂ ਕਰੇਗੀ ਅਤੇ ਜਾਂਚ ਦੌਰਾਨ ਜੋ ਵੀ ਗੱਲਾਂ ਸਾਹਮਣੇ ਆਉਣਗੀਆਂ, ਉਨ੍ਹਾਂ ਦੇ ਆਧਾਰ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।