- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਤੇ ਇਸ ਦੀ ਯੂਥ ਵਿੰਗ ਲੋਕਾਂ ਦੇ ਹੱਕਾਂ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਦੀ

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਆਲ ਇੰਡੀਆਂ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਦੀ ਅਗਵਾਈ ਹੇਠ ਦਿੱਲੀ ’ਚ ਸੋਮਵਾਰ ਨੂੰ ਪਾਰਲੀਮੈਂਟ ਦਾ ਘਿਰਾਓ ਕਰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਥ ਕਾਂਗਰਸ ਦੇ ਸੈਂਕੜਿਆਂ ਨੌਜਵਾਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਅਮਰੀਕਾ ਨਾਲ ਕੀਤੀ ਗਈ ਟਰੇਡ ਡੀਲ ਦੇ ਵਿਰੋਧ ’ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਹਲਕਾ ਪੱਟੀ ਤੋਂ ਯੂਥ ਦੇ ਸਟੇਟ ਜਨਰਲ ਸਕੱਤਰ ਹਰਮਨ ਸੇਖੋਂ ਦੀ ਅਗਵਾਈ ਹੇਠ ਪੱਟੀ ਇਲਾਕੇ ਦੇ ਨੌਜਵਾਨ ਦਿੱਲੀ ਪਹੁੰਚੇ ਤੇ ਪਾਰਲੀਮੈਂਟ ਘਿਰਾਓ ’ਚ ਸ਼ਮੂਲੀਅਤ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਮੌਕੇ ਹਰਮਨ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦਾ ਨੌਜਵਾਨ ਵਰਗ ਤੇ ਕਿਸਾਨ ਵਰਗ ਦੋਵੇਂ ਹੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਹਮੇਸ਼ਾਂ ਹੀ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆਈ ਹੈ ਤੇ ਭਵਿੱਖ ’ਚ ਵੀ ਕਿਸੇ ਵੀ ਅਨਿਆਇ ਖ਼ਿਲਾਫ਼ ਡੱਟ ਕੇ ਆਵਾਜ਼ ਉਠਾਈ ਜਾਵੇਗੀ।
ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੀਤੀ ਗਈ ਟਰੇਡ ਡੀਲ ਦੇਸ਼ ਦੇ ਕਿਸਾਨਾਂ, ਛੋਟੇ ਵਪਾਰੀਆਂ ਤੇ ਨੌਜਵਾਨਾਂ ਦੇ ਹਿੱਤਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਨੀਤੀਆਂ ਨਾਲ ਦੇਸ਼ ਦੀ ਆਰਥਿਕਤਾ ਤੇ ਘਰੇਲੂ ਉਦਯੋਗਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਸੇਖੋਂ ਨੇ ਦੱਸਿਆਂ ਕਿ ਪ੍ਰਦਰਸ਼ਨ ਦੌਰਾਨ ਹਾਲਾਤ ਤਣਾਅ ਭਰੇ ਹੋ ਗਏ ਤੇ ਪੁਲਿਸ ਵੱਲੋਂ ਕਈ ਯੂਥ ਕਾਂਗਰਸ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ’ਚ ਲਿਆ ਗਿਆ। ਇਸ ਦੌਰਾਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਨੂੰ ਵੀ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ। ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਉਦੈ ਭਾਨੂ ਚਿੱਬ ਨੇ ਨੌਜਵਾਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਦੀ ਬਜਾਏ ਜੇਲ੍ਹ ਜਾਣਾ ਕਬੂਲ ਕੀਤਾ।
ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਵੱਲੋਂ ਜੇਲ੍ਹ ਜਾਣਾ ਇਹ ਦਰਸਾਉਂਦਾ ਹੈ ਕਿ ਕਾਂਗਰਸ ਪਾਰਟੀ ਤੇ ਇਸ ਦੀ ਯੂਥ ਵਿੰਗ ਲੋਕਾਂ ਦੇ ਹੱਕਾਂ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਦੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਨੀਤੀਆਂ ਖ਼ਿਲਾਫ਼ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।
ਹਰਮਨ ਸੇਖੋਂ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਨੌਜਵਾਨਾਂ ਤੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਇਸ ਤੋਂ ਵੀ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਮੌਕੇ ਕਰਨ ਧਾਰੀਵਾਲ, ਗੁਰਜੀਤ ਸਿੰਘ ਜੋੜਾ, ਸੁਖਦੀਪ ਸਿੰਘ ਗਿੱਲ, ਨਿਸ਼ਾਨ ਸਿੰਘ ਨੱਥੂਚੱਕ, ਗੁਰਿੰਦਰ ਸਿੰਘ ਤੂਤ, ਗੈਮੀ ਬਮਰਾਹ, ਅਜੇ ਆਂਸਲ, ਸੇਵਕ ਸਿੰਘ ਪੜਿਗੜੀ, ਹਰਵਿੰਦਰ ਸਿੰਘ, ਪਵਨ ਪੱਟੀ, ਰਾਜਬੀਰ ਸਿੰਘ, ਸਤਨਾਮ ਸਿੰਘ, ਬਲਵੰਤ ਸਿੰਘ, ਕਾਬਲ ਸਿੰਘ, ਰਾਜਵਿੰਦਰ ਸਿੰਘ, ਰੋਹਿਤ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਚੰਦ ਸਿੰਘ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।