ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਵੀਰਵਾਰ ਨੂੰ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਗੁਰਦੁਆਰਾ ਧਮਧਾਨ ਸਾਹਿਬ (ਹਰਿਆਣਾ) ਰਵਾਨਾ ਹੋ ਗਿਆ।

ਸੰਗਤ ਵੱਲੋਂ ਨਗਰ ਕੀਰਤਨ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਪਹੁੰਚਣ 'ਤੇ ਪੂਰੇ ਜਾਹੋ-ਜਲਾਲ ਨਾਲ ਸਵਾਗਤ ਕੀਤਾ। ਨਗਰ ਕੀਰਤਨ ਨਾਲ ਚੱਲ ਰਹੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਹਰਿਆਣਾ ਰਾਜ ਵਿਚ ਸੰਗਤਾਂ ਨਗਰ ਕੀਰਤਨ 'ਚ ਹੁੰਮ-ਹੁਮਾ ਕੇ ਪੁੱਜ ਰਹੀਆਂ ਹਨ, ਦੁਕਾਨਦਾਰ, ਸਕੂਲਾਂ ਕਾਲਜਾਂ ਦੇ ਵਿਦਿਆਰਥੀ ਅਤੇ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਵੱਲੋਂ ਹਰ ਪੜਾਅ 'ਤੇ ਸ਼ਰਧਾ ਪ੍ਰਗਟਾਈ ਜਾ ਰਹੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾਂ ਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਤੇਜਿੰਦਰਪਾਲ ਸਿੰਘ ਲਾਡਵਾ ਨੇ ਸੰਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਇੰਚਾਰਜ ਉਪ ਦਫ਼ਤਰ ਹਰਿਆਣਾ, ਭਾਈ ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਜਰਨੈਲ ਸਿੰਘ, ਭਾਈ ਗਜਿੰਦਰ ਸਿੰਘ ਆਦਿ ਮੌਜੂਦ ਸਨ।