ਅੰਮਿ੍ਤਪਾਲ ਸਿੰਘ, ਅੰਮਿ੍ਤਸਰ : 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਜਾ ਕੇ ਦਿੱਤਾ।

ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਖ਼ਾਸ ਮੌਕਾ ਦੱਸਦਿਆਂ ਇਸ ਪੁਰਬ ਦੀ ਵਧਾਈ ਦਿੱਤੀ ਅਤੇ ਨਾਲ ਹੀ ਮੁੱਖ ਸਮਾਗਮ ਸਮੇਂ ਸ਼ਾਮਲ ਹੋਣ ਦਾ ਭਰੋਸਾ ਵੀ ਜਿਤਾਇਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਦੇ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਰਾਜਪਾਲ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦੇ ਦਿੱਤੇ ਜਾ ਚੁੱਕੇ ਹਨ।