ਪੰਜਾਬੀ ਜਾਗਰਣ ਟੀਮ, ਫਿਰੋਜ਼ਪੁਰ/ਫਰੀਦਕੋਟ/ਅੰਮਿ੍ਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਕੌਮਾਂਤਰੀ ਨਗਰ ਕੀਰਤਨ ਬੁੱਧਵਾਰ ਸ਼ਾਮ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪਹੁੰਚਿਆ। ਫਿਰੋਜ਼ਪੁਰ ਪਹੁੰਚਣ 'ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇਗਾ।

ਇਸ ਤੋਂ ਪਹਿਲਾਂ ਫਰੀਦਕੋਟ ਦੇ ਭਾਈ ਘਨ੍ਹੱਈਆ ਚੌਕ 'ਚ ਨਗਰ ਕੀਰਤਨ ਦਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ, ਕੁਲਤਾਰ ਸਿੰਘ ਬਰਾੜ, ਮੱਘਰ ਸਿੰਘ, ਨਵਦੀਪ ਸਿੰਘ ਬੱਬੂ ਬਰਾੜ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਪੁਲਿਸ ਕਪਤਾਨ ਮਨਜੀਤ ਸਿੰਘ ਢੇਸੀ ਵੱਲੋਂ ਵੱਡੀ ਗਿਣਤੀ ਸੰਗਤ ਦੀ ਮੌਜੂਦਗੀ 'ਚ ਭਰਵਾਂ ਸਵਾਗਤ ਕੀਤਾ ਗਿਆ। ਪੈਰਾ-ਗਲਾਈਡਰ ਰਾਹੀਂ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ, ਜਦਕਿ ਗੱਤਕਾ ਟੀਮਾਂ ਨੇ ਆਪਣੇ ਜੌਹਰਾਂ ਨਾਲ ਹਾਜ਼ਰੀ ਲਗਵਾਈ। ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਆਣਾ, ਸਤਪਾਲ ਸਿੰਘ ਤਲਵੰਡੀ ਭਾਈ, ਦਰਸ਼ਨ ਸਿੰਘ ਸ਼ੇਰਖਾਂ, ਸ਼ੇਰ ਸਿੰਘ ਮੰਡਵਾਲਾ, ਪਰਮਬੰਸ ਸਿੰਘ ਰੁਮਾਣਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਨਾਮ ਸਿੰਘ ਝਬਾਲ, ਧਰਮਿੰਦਰ ਸਿੰਘ ਤੋਂ ਇਲਾਵਾ ਟਿੱਲਾ ਬਾਬਾ ਫ਼ਰੀਦ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ, ਸੇਵਾਦਾਰ ਮਹੀਪਇੰਦਰ ਸਿੰਘ ਸੇਖੋਂ, ਸ਼ਤੀਸ ਗਰੋਵਰ, ਮਹੰਤ ਰਿੰਕੂ ਦਾਸ ਸਮਾਧਾਂ ਵਾਲਾ, ਧਰਮ ਪ੍ਰਵਾਨਾ, ਬਿੰਦਰ ਸਿੰਘ, ਹਰਚਰਨ ਦਾਸ, ਗੁਰਭੇਜ ਸਿੰਘ, ਲਛਮਨ ਸਿੰਘ ਗੋਲੇਵਾਲਾ ਆਦਿ ਮੌਜੂਦ ਸਨ।

ਨਗਰ ਕੀਰਤਨ ਦੇ ਬਦਲਵੇਂ ਪ੍ਰਬੰਧਾਂ ਤਹਿਤ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਬਦਲਵੇਂ ਪ੍ਰਬੰਧਾਂ ਨੂੰ ਲੈ ਕੇ ਬੁੱਧਵਾਰ ਨੂੰ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਦੀ ਅਗਵਾਈ 'ਚ ਮੁਲਾਜ਼ਮਾਂ ਦਾ ਜਥਾ ਰਵਾਨਾ ਕੀਤਾ ਗਿਆ।

ਇਹ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਸਕੱਤਰ ਮਨਜੀਤ ਸਿੰਘ ਬਾਠ ਤੇ ਹੋਰਾਂ ਵੱਲੋਂ ਸਿਰੋਪਾਓ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ, ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਸਤਨਾਮ ਸਿੰਘ ਸੁਪਰਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪਰਡੈਂਟ, ਰਾਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਮਾਂਗਾਸਰਾਏ, ਜਗਤਾਰ ਸਿੰਘ ਸ਼ਹੂਰਾ, ਗੁਰਨਾਮ ਸਿੰਘ ਇੰਚਾਰਜ ਆਦਿ ਮੌਜੂਦ ਸਨ।