ਅੰਮਿ੍ਤਪਾਲ ਸਿੰਘ, ਅੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਟੇਜ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਦੇ ਆਦੇਸ਼ ਮੁਤਾਬਕ ਪੰਜਾਬ ਸਰਕਾਰ ਤੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਇਕਜੁਟ ਹੋ ਕੇ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਏਕਤਾ ਲਈ ਪ੍ਰਕਾਸ਼ ਪੁਰਬ ਸਮਾਗਮਾਂ 'ਤੇ ਪੈਦਾ ਭੰਬਲਭੂਸਾ ਤੁਰੰਤ ਖ਼ਤਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੁਝਾਅ ਅਨੁਸਾਰ ਤਾਲਮੇਲ ਕਮੇਟੀ ਬਣਾਈ ਗਈ। ਇਸ ਦੀਆਂ 14 ਅਗਸਤ ਤੇ 6 ਸਤੰਬਰ ਦੀਆਂ ਮੀਟਿੰਗਾਂ ਸਰਕਾਰੀ ਨੁਮਾਇੰਦੇ ਨਾਮਜ਼ਦ ਨਾ ਹੋਣ ਕਾਰਨ ਸਿਰੇ ਨਾ ਚੜ੍ਹ ਸਕੀਆਂ।

ਇਸ ਤੋਂ ਬਾਅਦ 17 ਸਤੰਬਰ ਅਤੇ 4 ਅਕਤੂਬਰ ਦੀਆਂ ਦੋ ਮੀਟਿੰਗਾਂ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਭਾਵੇਂ ਮੰਤਰੀਆਂ ਨੇ ਭਰੋਸਾ ਦਿਵਾਇਆ ਸੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ- ਵਟਾਂਦਰਾ ਕਰ ਕੇ ਤਾਲਮੇਲ ਕਮੇਟੀ ਨੂੰ ਦੱਸਣਗੇ ਪਰ ਸ਼੍ਰੋਮਣੀ ਕਮੇਟੀ ਅਜੇ ਤੱਕ ਜਵਾਬ ਉਡੀਕ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸਾਂਝੇ ਤੌਰ 'ਤੇ ਪ੍ਰਕਾਸ਼ ਪੁਰਬ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਸਹਿਮਤ ਹੁੰਦੇ ਹਨ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਸ਼ੁਕਰਗੁਜ਼ਾਰ ਹੋਵੇਗੀ।

ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ 12 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਮੁੱਖ ਸਮਾਗਮ ਵਾਸਤੇ ਜ਼ਰੂਰ ਸਹਿਯੋਗੀ ਬਣੇਗੀ। ਉਨ੍ਹਾਂ ਕਿਹਾ ਕਿ ਸਿਆਸੀ ਵੰਡੀਆਂ ਤੋਂ ਉਪਰ ਉੱਠ ਕੇ ਸਿੱਖ ਮਰਿਆਦਾ ਦਾ ਪਾਲਣ ਕਰਦਿਆਂ ਉਸੇ ਤਰ੍ਹਾਂ ਇਕਜੁਟ ਹੋ ਕੇ ਸ਼ਤਾਬਦੀ ਸਮਾਗਮ ਮਨਾਉਣੇ ਚਾਹੀਦੇ ਹਨ, ਜਿਸ ਤਰ੍ਹਾਂ ਪਹਿਲੇ ਮਨਾਏ ਜਾਂਦੇ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਨੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ ਤੇ ਇਹ ਯਤਨ ਲਗਾਤਾਰ ਜਾਰੀ ਹਨ।