- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫ਼ੀ-2026 ਦੇ ਸੈਮੀਫਾਈਨਲ, ਤੀਜੇ ਸਥਾਨ ਅਤੇ ਫਾਈਨਲ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਮੁਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਖੇਡ ਸਕੱਤਰ ਵਰੁਣ ਰੂਜਮ ਨੇ ਵੀਰਵਾਰ ਨੂੰ ਫੇਜ਼-9 ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਦਾ ਦੌਰਾ ਕੀਤਾ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫ਼ੀ-2026 ਦੇ ਸੈਮੀਫਾਈਨਲ, ਤੀਜੇ ਸਥਾਨ ਅਤੇ ਫਾਈਨਲ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਮੁਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਖੇਡ ਸਕੱਤਰ ਵਰੁਣ ਰੂਜ਼ਮ ਨੇ ਵੀਰਵਾਰ ਨੂੰ ਫੇਜ਼-9 ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਦਾ ਦੌਰਾ ਕੀਤਾ।
ਉਨ੍ਹਾਂ ਦੇ ਨਾਲ ਵਿਸ਼ੇਸ਼ ਸਕੱਤਰ ਡਾ ਐੱਸਪੀ ਆਨੰਦ ਕੁਮਾਰ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਅਭਿਜੀਤ ਕਪਲਿਸ਼ ਵੀ ਮੌਜੂਦ ਸਨ। ਇਸ ਮੌਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗੜ੍ਹਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਐੱਸਡੀਐੱਮ ਮੁਹਾਲੀ ਦਮਨਦੀਪ ਕੌਰ (ਸਿਖਲਾਈ ਅਧੀਨ) ਲਿੰਧੀਆ ਏਐੱਨ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸਟੇਡੀਅਮ ਵਿੱਚ ਮੁਰੰਮਤ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਖੇਡ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਬਾਕੀ ਰਹਿੰਦੇ ਕੰਮਾਂ ਨੂੰ ਅਗਲੇ ਇੱਕ-ਦੋ ਦਿਨਾਂ ਵਿੱਚ ਮੁਕੰਮਲ ਕਰ ਕੇ ਅੰਤਿਮ ਛੋਹਾਂ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕੌਮਾਂਤਰੀ ਪੱਧਰ ਦੇ ਇਸ ਖੇਡ ਮੁਕਾਬਲੇ ਦੌਰਾਨ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਸਰਕਾਰ ਦੀ ਖੇਡਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਰੁਣ ਰੂਜ਼ਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੁਹਾਲੀ ਅਤੇ ਜਲੰਧਰ ਵਿਖੇ ਹੋਣ ਵਾਲੇ ਸਾਰੇ ਮੈਚਾਂ ਨੂੰ ਦੇਖਣ ਲਈ ਦਰਸ਼ਕਾਂ ਦੀ ਐਂਟਰੀ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਹਾਕੀ ਪ੍ਰੇਮੀਆਂ ਨੂੰ ਕੌਮਾਂਤਰੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਆਨੰਦ ਲੈਣ ਲਈ ਕੋਈ ਟਿਕਟ ਨਹੀਂ ਖਰੀਦਣੀ ਪਵੇਗੀ।