ਬੂਟਾ ਸਿੰਘ ਚੌਹਾਨ, ਸੰਗਰੂਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਅੰਡਰ-11 ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਇੱਥੋਂ ਦੇ ਵਾਰ ਹੀਰੋਜ਼ ਸਟੇਡੀਅਮ 'ਚ ਸ਼ਾਨੋ-ਸ਼ੌਕਤ ਨਾਲ ਆਗ਼ਾਜ਼ ਹੋ ਗਿਆ ਹੈ। ਇਨ੍ਹਾਂ ਖੇਡਾਂ ਦਾ ਉਦਘਾਟਨ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਵਚਨਬੱਧ ਹੈ ਤਾਂ ਜੋ ਬੱਚਿਆਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਹੋਵੇ। ਉਨ੍ਹਾਂ ਦੱਸਿਆ ਕਿ 18 ਨਵੰਬਰ ਤਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿਚ ਪੰਜਾਬ ਭਰ 'ਚੋਂ 4500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਰਾਜੇਸ਼ ਤਿ੍ਪਾਠੀ ਤੇ ਐੱਸਡੀਐੱਮ ਸੰਗਰੂਰ ਬਬਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।

ਇਸ ਮੌਕੇ ਡੀਪੀਆਈ (ਐ. ਸਿੱ) ਇੰਦਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਵਿਜੈਇੰਦਰ ਸਿੰਗਲਾ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੂਬਾ ਅਬਜ਼ਰਵਰ ਟੀਮ ਦੇ ਇੰਚਾਰਜ਼ ਹਰਿੰਦਰ ਸਿੰਘ ਗਰੇਵਾਲ ਨੇ ਪ੍ਰਾਇਮਰੀ ਖੇਡਾਂ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਸੰਗਰੂਰ ਪਰਮਜੀਤ ਕੌਰ ਸਿੱਧੂ ਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਕੌਰ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀਆਂ ਖੇਡਾਂ ਦੌਰਾਨ 15 ਤਰ੍ਹ੍ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਅਥਲੈਟਿਕਸ, ਜਿਮਨਾਸਟਿਕ, ਕਰਾਟੇ, ਕੁਸ਼ਤੀਆਂ, ਖੋ-ਖੋ, ਤੈਰਾਕੀ ਆਦਿ ਸ਼ਾਮਲ ਹਨ। ਅੱਜ ਉਦਾਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗਿੱਧੇ ਅਤੇ ਭੰਗੜੇ ਸਮੇਤ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ।

ਪੰਜਾਰ ਰਾਜ ਖੇਡਾਂ ਦੇ ਪਹਿਲੇ ਰਾਊਂਡ ਦੌਰਾਨ ਲੰਬੀ ਛਾਲ ਲੜਕੀਆਂ ਦੇ ਮੁਕਾਬਲੇ ਵਿਚ ਨਿਖਿਤ ਮੋਗਾ, ਪਵਨਦੀਪ ਕੌਰ ਸ੍ਰੀ ਮੁਕਤਸਰ ਸਾਹਿਬ ਤੇ ਰਚਨਾ ਚੋਪੜਾ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ 'ਤੇ ਰਹੀਆਂ। ਖੋ-ਖੋ ਲੜਕੀਆਂ ਦੇ ਪਹਿਲੇ ਰਾਊਂਡ ਮੁਕਾਬਲੇ 'ਚ ਅੰਮਿ੍ਤਸਰ ਨੇ ਰੋਪੜ ਨੂੰ ਹਰਾਇਆ। ਖੋ-ਖੋ ਲੜਕੇ 'ਚ ਜਲੰਧਰ ਨੇ ਫ਼ਤਿਹਗੜ੍ਹ ਸਾਹਿਬ ਨੂੰ ਹਰਾਇਆ। ਖੇਡਾਂ ਦੇ ਉਦਘਾਟਨ ਮੌਕੇ ਸੰਬੋਧਨ ਕਰਦੇ ਹੋਏ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ। ਪੰਜਾਬੀ ਜਾਗਰਣ