- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾਵੇ ਤਾਂ ਜੋ ਭਾਰਤ ਅਤੇ ਚੜ੍ਹਦੇ ਪੰਜਾਬ ਦੀ ਸੰਗਤ ਬਿਨਾਂ ਰੁਕਾਵਟ ਗੁਰੂ ਅਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਆਪਸੀ ਪਿਆਰ, ਸਾਂਝ ਅਤੇ ਸਾਂਝੀ ਵਿਰਾਸਤ ਨੂੰ ਹੋਰ ਮਜ਼ਬੂਤ ਕਰਦੀਆਂ ਹਨ।

ਖੁਸ਼ਪ੍ਰੀਤ ਸਿੰਘ ਸੁਨਾਮ, ਮੈਲਬੌਰਨ : ਮੈਲਬੌਰਨ ਦੇ ਪੱਛਮੀ ਇਲਾਕੇ ਪਲੰਪਟਨ ਸਥਿਤ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਵਿਖੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੀ ਸਾਂਭ ਸੰਭਾਲ, ਸਿੱਖ ਵਿਰਾਸਤ ਅਤੇ ਭਾਈਚਾਰੇ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ।
ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਅਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਸਹਿਯੋਗ ਨਾਲ ਇਸ ਵੇਲੇ ਕਰੀਬ 50 ਇਤਿਹਾਸਕ ਗੁਰੂਘਰਾਂ ਦੀ ਸਾਂਭ ਸੰਭਾਲ ਤੇ ਬਹਾਲੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰਧਾਮਾਂ ਦੀ ਪੁਰਾਤਨ ਦਿੱਖ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸਿੱਖ ਇਤਿਹਾਸ ਨਾਲ ਜੁੜੇ ਇਨ੍ਹਾਂ ਅਸਥਾਨਾਂ ਨੂੰ ਉਨ੍ਹਾਂ ਦੇ ਅਸਲ ਸਰੂਪ ਵਿੱਚ ਦੇਖ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਚੜ੍ਹਦੇ ਪੰਜਾਬ ਵਿੱਚ ਕਈ ਥਾਵਾਂ ’ਤੇ ਨਵੀਨੀਕਰਨ ਦੇ ਨਾਂ ਹੇਠ ਪੁਰਾਣੀਆਂ ਇਤਿਹਾਸਕ ਇਮਾਰਤਾਂ ਨੂੰ ਢਾਹ ਕੇ ਨਵੀਆਂ ਉਸਾਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਵਿਰਾਸਤੀ ਪਛਾਣ ਨੂੰ ਨੁਕਸਾਨ ਪਹੁੰਚਿਆ ਹੈ।
ਉਨ੍ਹਾਂ ਦੱਸਿਆ ਕਿ ਪਾਕਿਸਤਾਨ 'ਚ ਸਿੱਖ ਮੈਰਿਜ ਐਕਟ ਲਾਗੂ ਹੈ ਤੇ ਸਰਕਾਰ ਵੱਲੋਂ ਸਿੱਖ ਭਾਈਚਾਰੇ ਦੀ ਧਾਰਮਿਕ ਅਤੇ ਸਮਾਜਿਕ ਭਲਾਈ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਵਿਦੇਸ਼ਾਂ 'ਚ ਵੱਸਦੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨਵੀਂ ਪੀੜ੍ਹੀ ਨੂੰ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਪੰਜਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਜ਼ਰੂਰ ਕਰਵਾਉਣ ਤਾਂ ਜੋ ਉਹ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੁੜ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਯਾਤਰੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਆਪਣੇ ਸੰਬੋਧਨ ਦੌਰਾਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾਵੇ ਤਾਂ ਜੋ ਭਾਰਤ ਅਤੇ ਚੜ੍ਹਦੇ ਪੰਜਾਬ ਦੀ ਸੰਗਤ ਬਿਨਾਂ ਰੁਕਾਵਟ ਗੁਰੂ ਅਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਆਪਸੀ ਪਿਆਰ, ਸਾਂਝ ਅਤੇ ਸਾਂਝੀ ਵਿਰਾਸਤ ਨੂੰ ਹੋਰ ਮਜ਼ਬੂਤ ਕਰਦੀਆਂ ਹਨ।
ਇਸ ਮੌਕੇ ਸੰਪਰਦਾਇ ਦਲ ਪੰਥ ਬਹਾਦਰ ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਅਤੇ ਮੌਜੂਦਾ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਸਥਾਨਕ ਸੇਵਾਦਾਰਾਂ ਵੱਲੋਂ ਰਮੇਸ਼ ਸਿੰਘ ਅਰੋੜਾ ਅਤੇ ਹੋਰ ਪਤਵੰਤਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਰਹੀਆਂ ਜਿਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ’ਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਅਰੋੜਾ ਨੇ ਸੰਗਤਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਖੁੱਲ੍ਹਾ ਸੱਦਾ ਵੀ ਦਿੱਤਾ।