ਨਾਰਥ ਵੈਨਕੂਵਰ (ਰਾਇਟਰ) : ਵੈਨਕੂਵਰ ਸ਼ਹਿਰ ਦੀ ਇਕ ਲਾਇਬ੍ਰੇਰੀ ਵਿਚ ਚਾਕੂਬਾਜ਼ੀ ਦੀ ਘਟਨਾ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਿਸ ਸੋਸ਼ਲ ਮੀਡੀਆ 'ਤੇ ਪਾਏ ਵੀਡੀਓ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਲਾਇਬ੍ਰੇਰੀ ਵਿਚ ਚਾਕੂਬਾਜ਼ੀ ਦੀ ਘਟਨਾ ਵਿਚ ਛੇ ਲੋਕ ਜ਼ਖ਼ਮੀ ਹੋਏ ਸਨ ਜਿਨ੍ਹਾਂ ਵਿੱਚੋਂ ਇਕ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਸਾਰਜੈਂਟ ਜੰਗ ਨੇ ਇਸ ਬਾਰੇ ਲਾਇਬ੍ਰੇਰੀ ਦੇ ਬਾਹਰ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। ਸ਼ੱਕੀ ਦੋਸ਼ੀ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਖ਼ੁਦ ਨੂੰ ਵੀ ਚਾਕੂ ਮਾਰ ਲਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।