ਹੈਰੀ ਬੋਪਾਰਾਏ, ਰੋਮ : ਇਟਲੀ ਦੌਰੇ 'ਤੇ ਪੁੱਜੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਵਿਚੈਂਸਾ ਸ਼ਹਿਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਮੌਕੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਅੰਦਰ ਸਜਾਏ ਜਾਣ ਵਾਲੇ ਨਗਰ ਕੀਰਤਨ ਜਿਥੇ ਖ਼ਾਲਸੇ ਦੀ ਆਨ ਤੇ ਸ਼ਾਨ ਦਾ ਪ੍ਰਤੀਕ ਹਨ ਉੱਥੇ ਇਨ੍ਹਾਂ ਨਗਰ ਕੀਰਤਨਾਂ ਰਾਹੀਂ ਸਿੱਖੀ ਸਿਧਾਂਤਾਂ ਤੇ ਪ੍ਰੰਪਰਾਵਾਂ ਦਾ ਬਾਖ਼ੂਬੀ ਪ੍ਰਗਟਾਵਾ ਵੀ ਹੁੰਦਾ ਹੈ। ਉਨ੍ਹਾਂ ਕਿਹਾ 13 ਅਪ੍ਰੈਲ , 1699 ਵਾਲੇ ਦਿਨ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਸਾਜਨਾ ਕਰਕੇ ਸਿੱਖ ਪੰਥ ਨੂੰ ਸਿੱਖੀ ਸਿਧਾਂਤਾਂ ਤੇ ਪੰਜ ਕਕਾਰਾਂ ਦੀ ਬਖਸ਼ਿਸ਼ ਕਰਕੇ ਸਿੱਖ ਕੌਮ ਨੂੰ ਇਕ ਲੜੀ 'ਚ ਪਰੋ ਦਿੱਤਾ। ਅੱਜ ਇਸ ਦਿਨ ਨੂੰ ਸਮੁੱਚੀਆਂ ਸਿੱਖ ਸੰਗਤਾਂ ਬਹੁਤ ਹੀ ਉਤਸ਼ਾਹਪੂਰਵਕ ਮਨਾ ਕੇ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਸਿੱਖ ਨੂੰ ਆਪਣਾ ਧਾਰਮਿਕ ਤੇ ਇਖਲਾਕੀ ਫਰਜ਼ ਸਮਝਦਿਆਂ ਖੰਡੇ ਬਾਟੇ ਦੀ ਪਾਹੁਲ ਹਾਸਲ ਕਰਕੇ ਅੰਮਿ੍ਤ ਛੱਕ ਕੇ ਸਿੰਘ ਸਜ ਕੇ ਗੁਰੂ ਗ੍ੰਥ ਸਾਹਿਬ ਜੀ ਦੇ ਲੜ ਲੱਗ ਜਾਣਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵੱਲੋਂ ਜਥੇਦਾਰ ਸਾਹਿਬ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।