ਪੱਤਰ ਪ੍ਰੇਰਕ, ਮਿਲਾਨ : ਭਾਰਤ ਵਿਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਬਿੱਲਾਂ ਨੂੰ ਲੈ ਕੇ ਲਗਾਤਾਰ ਵਿਰੋਧ ਹੋ ਰਿਹਾ ਹੈ ਅਤੇ ਆਏ ਰੋਸ ਮੁਜ਼ਾਹਰੇ ਹੋ ਰਹੇ ਹਨ, ਉੱਥੇ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਵੱਲੋਂ ਵੀ ਕਿਸਾਨ ਵੀਰਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੇ ਇਸ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਉੱਤਰੀ ਇਟਲੀ ਦੇ ਜ਼ਿਲ੍ਹਾ ਮਾਨਤੋਵਾ ਵਿਚ 3 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤਕ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਹੋ ਰਹੇ ਰੋਸ ਪ੍ਰਦਰਸ਼ਨ ਵਿਚ ਸਮੂਹ ਭਾਰਤੀਆਂ ਨੂੰ ਪੁੱਜਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜੇ ਅਸੀਂ ਅੱਜ ਆਪਣੇ ਕਿਸਾਨ ਤੇ ਮਜ਼ਦੂਰ ਭਰਾਵਾਂ ਦਾ ਸਾਥ ਨਾ ਦੇ ਸਕੇ ਤਾਂ ਇਹ ਸਾਡੀ ਜ਼ਿੰਦਗੀ ਦੀ ਸਭ ਤੋਂ ਵੱਡੀ ਭੁੱਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਰੋਸ ਮੁਜ਼ਾਹਰੇ ਵਿਚ ਹੋਣ ਵਾਲਾ ਇਕੱਠ ਹੀ ਸਾਡੀ ਕਿਸਾਨ ਭਰਾਵਾਂ ਨਾਲ ਸੱਚੀ ਹਮਦਰਦੀ ਹੋਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰੋਮ ਵਿਚ ਵੱਸਦੇ ਪੰਜਾਬੀ ਨੌਜਵਾਨ ਕਾਮਿਆਂ ਵੱਲੋਂ ਵੀ ਰੋਸ ਪ੍ਰਗਟ ਕੀਤਾ ਗਿਆ ਸੀ ਅਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ ਸੀ।

Posted By: Jagjit Singh