ਕਾਠਮੰਡੂ (ਪੀਟੀਆਈ) : ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਅਤੇ ਉਨ੍ਹਾਂ ਦੇ ਵਿਰੋਧੀ ਧੜੇ ਦੇ ਨੇਤਾ ਪੁਸ਼ਪ ਕਮਲ ਦਹਲ ਪ੍ਰਚੰਡ ਵਿਚਕਾਰ ਜਾਰੀ ਸੱਤਾ ਦੀ ਜੰਗ ਦਾ ਫ਼ੈਸਲਾ ਹੁਣ ਸੰਸਦ ਵਿਚ ਹੋਵੇਗਾ। ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਸੱਤ ਮਾਰਚ ਨੂੰ ਸੰਸਦ ਦੇ ਹੇਠਲੇ ਸਦਨ ਦਾ ਇਜਲਾਸ ਬੁਲਾਇਆ ਹੈ। ਹਾਲ ਹੀ ਵਿਚ ਨੇਪਾਲ ਦੀ ਸੁਪਰੀਮ ਕੋਰਟ ਦੀ ਪੰਜ ਮੈਂਬਰੀ ਬੈਂਚ ਨੇ ਹੇਠਲੇ ਸਦਨ ਨੂੰ ਭੰਗ ਕਰਨ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦੇ ਫ਼ੈਸਲੇ ਨੂੰ ਪਲਟਣ ਦਾ ਇਤਿਹਾਸਕ ਫ਼ੈਸਲਾ ਦਿੱਤਾ। ਨਾਲ ਹੀ ਸਰਬਉੱਚ ਅਦਾਲਤ ਨੇ 13 ਦਿਨਾਂ ਅੰਦਰ ਸੰਸਦ ਦਾ ਇਜਲਾਸ ਬੁਲਾਉਣ ਦਾ ਨਿਰਦੇਸ਼ ਜਾਰੀ ਕੀਤਾ। ਨੇਪਾਲੀ ਕਮਿਊਨਿਸਟ ਪਾਰਟੀ ਦੇ ਦੋਵੇਂ ਧੜੇ ਹੁਣ ਸੰਸਦ ਵਿਚ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਵਿਚ ਲੱਗ ਗਏ ਹਨ।

ਰਾਸ਼ਟਰਪਤੀ ਭੰਡਾਰੀ ਨੇ ਸਦਨ ਬੁਲਾਉਣ ਦਾ ਫ਼ੈਸਲਾ ਸਰਕਾਰ ਦੀ ਸਹਿਮਤੀ ਨਾਲ ਲਿਆ ਹੈ। ਸੰਸਦ ਦੇ ਹੇਠਲੇ ਸਦਨ ਦਾ ਇਜਲਾਸ ਸ਼ਾਮ 4 ਵਜੇ ਸ਼ੁਰੂ ਹੋਵੇਗਾ। ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਕਾਰਵਾਈ ਨੂੰ ਅੱਗੇ ਵਧਾਇਆ ਹੈ।

ਨੇਪਾਲ ਵਿਚ ਸਿਆਸੀ ਅਸਥਿਰਤਾ ਦਾ ਦੌਰ 20 ਦਸੰਬਰ ਤੋਂ ਚੱਲ ਰਿਹਾ ਹੈ ਜਦੋਂ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਅਚਾਨਕ ਕੈਬਨਿਟ ਦੀ ਬੈਠਕ ਬੁਲਾ ਕੇ ਸਰਕਾਰ ਭੰਗ ਕਰਨ ਦਾ ਫ਼ੈਸਲਾ ਕੀਤਾ ਅਤੇ ਰਾਸ਼ਟਰਪਤੀ ਤੋਂ ਚੋਣ ਕਰਾਉਣ ਦੀ ਮੰਗ ਕੀਤੀ ਸੀ। ਸਰਕਾਰ ਦੀ ਸਿਫ਼ਾਰਸ਼ 'ਤੇ ਰਾਸ਼ਟਰਪਤੀ ਨੇ ਚੋਣ ਦਾ ਐਲਾਨ ਵੀ ਕਰ ਦਿੱਤਾ। ਇਸ ਸਬੰਧ ਵਿਚ ਸੁਪਰੀਮ ਕੋਰਟ ਵਿਚ 13 ਤੋਂ ਜ਼ਿਆਦਾ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਓਲੀ ਦੇ ਫ਼ੈਸਲੇ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਸੰਸਦ ਦੇ ਹੇਠਲੇ ਸਦਨ ਨੂੰ ਬਹਾਲ ਕਰ ਦਿੱਤਾ।