ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਦੀ ਇਕ ਅਦਾਲਤ ਨੇ ਭਾਰਤ ਦੇ ਰਿਟਾਇਰਡ ਜਲ ਸੈਨਾ ਅਧਿਕਾਰੀ ਕੁਲਭੂਸ਼ਣ ਜਾਧਵ ਲਈ ਵਕੀਲ ਨਿਯੁਕਤ ਕਰਨ ਦੇ ਮਾਮਲਾ ਪੰਜ ਅਕਤੂਬਰ ਤਕ ਲਈ ਮੁਲਤਵੀ ਕਰ ਦਿੱਤਾ ਹੈ। 50 ਸਾਲਾ ਜਾਧਵ ਨੂੰ ਅਪ੍ਰਰੈਲ 2017 'ਚ ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਜਾਸੂਸੀ ਤੇ ਅੱਤਵਾਦ ਦੇ ਮਾਮਲੇ 'ਚ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ ਤੇ ਜਾਧਵ ਦੀ ਫਾਂਸੀ ਦੀ ਸਜ਼ਾ 'ਤੇ ਕੂਟਨੀਤਕ ਪਹੁੰਚ (ਕੌਂਸਲਰ ਅਕਸੈਸ) ਨਾ ਦਿੱਤੇ ਜਾਣ ਨੂੰ ਅੰਤਰਰਾਸ਼ਟਰੀ ਅਦਾਲਤ 'ਚ ਚੁਣੌਤੀ ਦਿੱਤੀ ਸੀ। ਹੇਗ ਸਥਿਤ ਅੰਤਰਰਾਸ਼ਟਰੀ ਅਦਾਲਤ (ਆਈਸੀਜੇ) ਨੇ ਜੁਲਾਈ 2019 'ਚ ਪਾਕਿਸਤਾਨ ਨੂੰ ਮਾਮਲੇ 'ਚ ਸਮੀਖਿਆ ਤੇ ਮੁੜ ਵਿਚਾਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਅੰਤਰਰਾਸ਼ਟਰੀ ਅਦਾਲਤ ਨੇ ਜਾਧਵ ਦੇ ਮਾਮਲੇ 'ਚ ਭਾਰਤ ਨੂੰ ਕੂਟਨੀਤਕ ਪਹੁੰਚ ਉਪਲਬਧ ਕਰਾਉਣ ਦੇ ਵੀ ਪਾਕਿ ਸਰਕਾਰ ਨੂੰ ਆਦੇਸ਼ ਦਿੱਤੇ ਸਨ।

ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਜਾਧਵ ਨੂੰ ਵਕੀਲ ਮੁਹੱਈਆ ਕਰਾਉਣ ਦੀ ਸੁਣਵਾਈ ਨੂੰ ਅਟਾਰਨੀ ਜਨਰਲ ਖਾਲਿਦ ਜਾਵੇਦ ਖਾਨ ਦੀ ਅਪੀਲ 'ਤੇ ਪੰਜ ਅਕਤੂਬਰ ਤਕ ਲਈ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 7 ਮਈ ਨੂੰ ਇਸਲਾਮਾਬਾਦ ਹਾਈਕੋਰਟ ਦੇ ਵਿਸਥਾਰਤ ਬੈਂਚ ਨੇ ਜਾਧਵ ਲਈ ਵਕੀਲ ਨਿਯੁਕਤ ਕਰਨ ਲਈ 15 ਜੂਨ ਤਕ ਲਈ ਇਕ ਹੋਰ ਮੌਕਾ ਦਿੱਤਾ ਸੀ।