ਇਸਲਾਮਾਬਾਦ (ਪੀਟੀਆਈ) : ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਮਰੀਅਮ ਨਵਾਜ਼ ਨੂੰ ਵਿਰੋਧੀ ਪਾਰਟੀ ਪੀਐੱਮਐੱਲ-ਐੱਨ ਦੇ ਮੀਤ ਪ੍ਰਧਾਨ ਅਹੁਦੇ ਤੋਂ ਹਟਾਉਣ ਦੀ ਮੰਗ ਖਾਰਜ ਕਰ ਦਿੱਤੀ ਹੈ। ਕਮਿਸ਼ਨ ਦਾ ਇਹ ਫ਼ੈਸਲਾ ਮਰੀਅਮ ਨੂੰ ਰਾਹਤ ਦੇਣ ਵਾਲਾ ਹੈ। ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ 45 ਸਾਲਾ ਬੇਟੀ ਮਰੀਅਮ ਨੂੰ ਮਈ 'ਚ ਪਾਕਿਸਤਾਨ ਮੁਸਲਿਮ ਲੀਗ- ਨਵਾਜ਼ (ਪੀਐੱਮਐੱਲ-ਐੱਨ) ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਸ਼ਰੀਫ ਦੇ ਭਰਾ ਸ਼ਹਿਬਾਜ਼ ਇਸ ਸਮੇਂ ਪਾਰਟੀ ਦੇ ਪ੍ਰਧਾਨ ਹਨ।

ਮਰੀਅਮ ਦੀ ਨਿਯੁਕਤੀ ਨੂੰ ਚੋਣ ਕਮਿਸ਼ਨ 'ਚ ਇਸ ਆਧਾਰ 'ਤੇ ਚੁਣੌਤੀ ਦਿੱਤੀ ਗਈ ਸੀ ਕਿ ਉਨ੍ਹਾਂ ਨੂੰ 2019 'ਚ ਭਿ੍ਸ਼ਟਾਚਾਰ ਦੇ ਇਕ ਮਾਮਲੇ 'ਚ ਜਵਾਬਦੇਹੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਮਰੀਅਮ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਹਾਕਮ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀਟੀਆਈ) ਦੇ ਨੇਤਾਵਾਂ ਵੱਲੋਂ ਦਾਖ਼ਲ ਕੀਤੀ ਗਈ ਸੀ। ਜਵਾਬਦੇਹੀ ਅਦਾਲਤ ਦੇ ਫ਼ੈਸਲੇ ਨੂੰ ਹਾਲਾਂਕਿ ਇਸਲਾਮਾਬਾਦ ਹਾਈ ਕੋਰਟ ਨੇ ਮੁਅੱਤਲ ਕਰ ਦਿੱਤਾ ਸੀ। ਮਰੀਅਮ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਨੂੰ ਮੁੱਖ ਚੋਣ ਕਮਿਸ਼ਨਰ ਜਸਟਿਸ (ਰਿਟਾਇਰਡ) ਸਰਦਾਰ ਮੁਹੰਮਦ ਰਜ਼ਾ ਖ਼ਾਨ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਖਾਰਜ ਕਰ ਦਿੱਤਾ। ਬੈਂਚ ਨੇ ਇਹ ਵੀ ਕਿਹਾ ਕਿ ਮਰੀਅਮ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਹੀਂ ਬਣਾਇਆ ਜਾ ਸਕਦਾ ਤੇ ਉਨ੍ਹਾਂ ਨੂੰ ਕੋਈ ਹੋਰ ਕੰਮਕਾਜੀ ਅਹੁਦਾ ਵੀ ਸਵੀਕਾਰ ਨਹੀਂ ਕਰਨਾ ਚਾਹੀਦਾ।